ਅਮ੍ਰਿਤਸਰ 23 ਨਵੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪੁੱਜੇ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਸੰਭਾਵੀ ਗੱਠਜੋੜ, ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਬਾਰੇ ਗੱਲ ਕੀਤੀ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਸਬੰਧੀ ਮੀਟਿੰਗਾਂ ਹੋਣਗੀਆਂ।
ਸਚਿਨ ਪਾਇਲਟ ਨੇ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੰਭਾਵੀ ਗੱਠਜੋੜ ਨੂੰ ‘ਸਿਆਸੀ ਮੌਕਾਪ੍ਰਸਤੀ’ ਕਰਾਰ ਦਿੱਤਾ। ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਮੁੱਦਿਆਂ ਕਾਰਨ ਦੋਵਾਂ ਪਾਰਟੀਆਂ ਦਾ ਗੱਠਜੋੜ ਟੁੱਟਿਆ ਸੀ, ਕੀ ਉਹ ਹੁਣ ਖ਼ਤਮ ਹੋ ਗਏ ਹਨ? ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਮੁੜ ਮਜ਼ਬੂਤ ਕਰਨ ਲਈ ਚੋਣਾਂ ਤੋਂ ਪਹਿਲਾਂ ਇਕ-ਦੂਜੇ ਦਾ ਸਹਾਰਾ ਲੈ ਰਹੀਆਂ ਹਨ।ਕਾਂਗਰਸ ਨੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਸੰਭਾਵੀ ਉਮੀਦਵਾਰਾਂ ਦੀ ਚੋਣ ਵਾਸਤੇ ਪਹਿਲਾਂ ਹੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ। ਪਾਰਟੀ ਵੱਲੋਂ ਸਾਰੇ ਹਲਕਿਆਂ ਵਿੱਚ ਸਰਵੇਖਣ ਕਰਵਾਇਆ ਜਾ ਰਿਹਾ ਹੈ ਅਤੇ ਵੋਟਰਾਂ, ਸਥਾਨਕ ਆਗੂਆਂ ਤੇ ਪਾਰਟੀ ਵਰਕਰਾਂ ਤੋਂ ਫੀਡਬੈਕ ਲਿਆ ਜਾ ਰਿਹਾ ਹੈ। ਉਮੀਦਵਾਰਾਂ ਦੀ ਪੜਤਾਲ ਲਈ ਤਿੰਨ ਮੈਂਬਰੀ ਸਕਰੀਨਿੰਗ ਕਮੇਟੀ ਵੀ ਬਣਾਈ ਗਈ ਹੈ। ਇਹ ਵੀ ਚਰਚੇ ਹਨ ਕਿ ਕਾਂਗਰਸ ਦੀ ਪਹਿਲੀ ਸੂਚੀ ਵਿੱਚ ਕਰੀਬ 50 ਉਮੀਦਵਾਰਾਂ ਦੇ ਨਾਂ ਹੋ ਸਕਦੇ ਹਨ ਅਤੇ ਇਹ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਸੰਭਾਵਨਾ ਹੈ।ਇਸ ਤੋਂ ਪਹਿਲਾਂ ਪਾਇਲਟ ਨੇ ਸਪਸ਼ਟ ਕੀਤਾ ਸੀ ਕਿ ਟਿਕਟਾਂ ਦੀ ਵੰਡ ਦਾ ਮੁੱਖ ਆਧਾਰ ਉਮੀਦਵਾਰ ਦੀ ਜਿੱਤਣ ਦੀ ਸਮਰੱਥਾ ਹੋਵੇਗੀ। ਉਨ੍ਹਾਂ ਕਿਹਾ ਸੀ ਕਿ ਕਿਸੇ ਆਗੂ ਦਾ ਪੁੱਤਰ ਜਾਂ ਪਰਿਵਾਰਕ ਮੈਂਬਰ ਹੋਣਾ ਨਾ ਤਾਂ ਟਿਕਟ ਮਿਲਣ ਦੀ ਯੋਗਤਾ ਹੈ ਅਤੇ ਨਾ ਹੀ ਅਯੋਗਤਾ। ਪਾਰਟੀ ਜਿੱਤਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਕਰੇਗੀ।
ਪਾਇਲਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਪੰਜਾਬ ਨੂੰ ਸਰਹੱਦੀ ਅਤੇ ਸੰਵੇਦਨਸ਼ੀਲ ਸੂਬਾ ਦੱਸਦਿਆਂ ਕਿਹਾ ਕਿ ਇੱਥੇ ਜ਼ਿੰਮੇਵਾਰ ਸਰਕਾਰ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪੰਜਾਬ ਵਿੱਚ ਲੋਕਾਂ ਨੂੰ ਬਿਹਤਰ ਬਦਲ ਦੇ ਸਕਦੀ ਹੈ।












