ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ
ਨਵੀਂ ਦਿੱਲੀ 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸਰਦਾਰ ਬੱਲ ਮਲਕੀਤ ਸਿੰਘ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਸਦੀਵੀ ਪ੍ਰੇਰਨਾ ਸਰੋਤ ਹਨ, ਜੋ ਮਨੁੱਖ ਨੂੰ ਸੱਚ, ਪਿਆਰ, ਸਮਾਨਤਾ, ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਗਿਆ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਸਰਵਵਿਆਪੀ ਸਿਧਾਂਤ ਅੱਜ ਵੀ ਸਮੁੱਚੀ ਦੁਨੀਆ ਲਈ ਬੇਹੱਦ ਪ੍ਰਸੰਗਿਕ ਹੈ। ਗੁਰੂ ਸਾਹਿਬ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਜਾਤ-ਪਾਤ, ਧਰਮ, ਵਰਗ, ਨਸਲ ਅਤੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਏਕਤਾ ਅਤੇ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਅੰਧਵਿਸ਼ਵਾਸਾਂ ਅਤੇ ਅਸਮਾਨਤਾਵਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਹਰ ਮਨੁੱਖ ਨੂੰ ਸਤਿਕਾਰ ਅਤੇ ਬਰਾਬਰ ਹੱਕ ਦੇਣ ਦੀ ਪ੍ਰੇਰਨਾ ਦਿੱਤੀ। ਸਰਦਾਰ ਬੱਲ ਮਲਕੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਅਸਲ ਮਹੱਤਵ ਕੇਵਲ ਧਾਰਮਿਕ ਸਮਾਗਮਾਂ ਅਤੇ ਰਸਮਾਂ ਤੱਕ ਸੀਮਤ ਰਹਿਣ ਵਿੱਚ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ, ਸੋਚ ਅਤੇ ਵਿਹਾਰ ਵਿੱਚ ਅਪਣਾਉਣ ਵਿੱਚ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸਦਭਾਵਨਾ, ਸੇਵਾ, ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ, ਤਾਂ ਜੋ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਵਿਸ਼ਵ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾ ਸਕੇ।












