ਕਾਂਗਰਸ ਦੇ ਸਮਰਥਨ ਨਾਲ ਚੱਲ ਰਹੀ ਸਰਕਾਰ ਦੌਰਾਨ ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਤੋਂ ਰੋਕਣ ਦੇ ਮਾਮਲੇ ‘ਤੇ ਰਾਹੁਲ ਗਾਂਧੀ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਆਪਣਾ ਪੱਖ ਸਪੱਸ਼ਟ ਕਰਨ: ਉੱਭਾ
ਮੋਹਾਲੀ/ਚੰਡੀਗੜ੍ਹ , 26 ਨਵੰਬਰ ,ਬੋਲੇ ਪੰਜਾਬ ਬਿਊਰੋ;
ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਤਮਿਲਨਾਡੂ ਵਿੱਚ ਤਮਿਲ ਸਿੱਖ ਭਾਈਚਾਰੇ ਦੇ ਧਾਰਮਿਕ ਅਤੇ ਸਮਾਜਿਕ ਉਪਰਾਲਿਆਂ ਵਿੱਚ ਕਥਿਤ ਤੌਰ ‘ਤੇ ਪੈਦਾ ਕੀਤੀਆਂ ਜਾ ਰਹੀਆਂ ਰੁਕਾਵਟਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਵਰਗੇ ਪਵਿੱਤਰ ਅਤੇ ਲੋਕ-ਭਲਾਈ ਦੇ ਕਾਰਜਾਂ ਵਿੱਚ ਰੁਕਾਵਟਾਂ ਪੈਦਾ ਹੋਣ ਦੀਆਂ ਖ਼ਬਰਾਂ ਬੇਹੱਦ ਚਿੰਤਾਜਨਕ ਹਨ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਰਦੇਵ ਸਿੰਘ ਉੱਭਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ, ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਕਿਸੇ ਪੱਧਰ ‘ਤੇ ਧਾਰਮਿਕ ਜਾਂ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੋਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਤਮਿਲਨਾਡੂ ਵਿੱਚ ਤਮਿਲ ਸਿੱਖ ਭਾਈਚਾਰੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪ੍ਰਸ਼ਾਸਨਿਕ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪੁਲਿਸ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜੇਕਰ ਇਹ ਜਾਣਕਾਰੀ ਸਹੀ ਹੈ ਤਾਂ ਇਹ ਮਾਮਲਾ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਾ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕਾਂਗਰਸ ਦੇ ਸਮਰਥਨ ਨਾਲ ਚੱਲ ਰਹੀ ਤਮਿਲਨਾਡੂ ਸਰਕਾਰ ਦੇ ਦੌਰਾਨ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਸਮਾਗਮ ਅਤੇ ਸਮਾਜ ਸੇਵਾ ਦੇ ਕਾਰਜ ਕਰਨ ਵਿੱਚ ਰੁਕਾਵਟਾਂ ਦਾ ਸਾਹਮਣਾ ਕਿਉਂ ਕਰਨਾ ਪੈ ਰਿਹਾ ਹੈ? ਜੇਕਰ ਪ੍ਰਸ਼ਾਸਨਿਕ ਕਾਰਵਾਈ ਰਾਹੀਂ ਅਜਿਹੀਆਂ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ ਤਾਂ ਇਸ ਦੀ ਜਵਾਬਦੇਹੀ ਕੌਣ ਤੈਅ ਕਰੇਗਾ?
ਹਰਦੇਵ ਸਿੰਘ ਉੱਭਾ ਨੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਇਸ ਗੰਭੀਰ ਮਾਮਲੇ ‘ਤੇ ਆਪਣਾ ਸਪੱਸ਼ਟ ਰੁਖ਼ ਸਾਹਮਣੇ ਰੱਖਣ।
ਉਨ੍ਹਾਂ ਪੁੱਛਿਆ ਕਿ ਕਾਂਗਰਸ ਦੇ ਸਮਰਥਨ ਨਾਲ ਚੱਲ ਰਹੀ ਸਰਕਾਰ ਵਿੱਚ ਤਮਿਲ ਸਿੱਖ ਭਾਈਚਾਰੇ ਨਾਲ ਅਜਿਹੀ ਸਥਿਤੀ ਕਿਉਂ ਪੈਦਾ ਹੋਈ? ਕਿਸ ਦੀ ਸ਼ਹਿ ‘ਤੇ ਇਹ ਕਾਰਵਾਈਆਂ ਹੋ ਰਹੀਆਂ ਹਨ? ਕੀ ਕਾਂਗਰਸ ਦੀ ਕੌਮੀ ਅਤੇ ਪੰਜਾਬ ਲੀਡਰਸ਼ਿਪ ਇਸ ਮਾਮਲੇ ਤੋਂ ਜਾਣੂ ਹੈ? ਜੇਕਰ ਜਾਣੂ ਹੈ ਤਾਂ ਹੁਣ ਤੱਕ ਇਸ ਦੇ ਵਿਰੁੱਧ ਆਵਾਜ਼ ਕਿਉਂ ਨਹੀਂ ਉਠਾਈ ਗਈ?
ਉੱਭਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸੇਵਾ, ਦਇਆ, ਸਿੱਖਿਆ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣਾ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣਾ ਮਨੁੱਖਤਾ ਦੀ ਸੇਵਾ ਨਾਲ ਜੁੜਿਆ ਹੋਇਆ ਕਾਰਜ ਹੈ। ਅਜਿਹੇ ਉਪਰਾਲਿਆਂ ਵਿੱਚ ਰੁਕਾਵਟ ਪੈਦਾ ਕਰਨਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਠਹਿਰਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਧਾਰਮਿਕ ਆਜ਼ਾਦੀ, ਬਰਾਬਰਤਾ ਅਤੇ ਆਪਣੇ ਧਾਰਮਿਕ ਵਿਸ਼ਵਾਸਾਂ ਅਨੁਸਾਰ ਜੀਵਨ ਬਤੀਤ ਕਰਨ ਦੇ ਅਧਿਕਾਰ ਦਿੰਦਾ ਹੈ। ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਅਤੇ ਸਮਾਜਿਕ ਅਧਿਕਾਰਾਂ ਦੀ ਰਾਖੀ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਕਿਸੇ ਵੀ ਭਾਈਚਾਰੇ ਨਾਲ ਵਿਤਕਰਾ ਜਾਂ ਉਸ ਦੇ ਅਧਿਕਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਹਰਦੇਵ ਸਿੰਘ ਉੱਭਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਤੋਂ ਮੰਗ ਕੀਤੀ ਕਿ ਤਮਿਲਨਾਡੂ ਦੇ ਤਮਿਲ ਸਿੱਖ ਭਾਈਚਾਰੇ ਨਾਲ ਸਬੰਧਤ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਸਬੰਧੀ ਜਾਰੀ ਪੁਲਿਸ ਨੋਟਿਸਾਂ ਅਤੇ ਪ੍ਰਸ਼ਾਸਨਿਕ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਤਮਿਲਨਾਡੂ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਜਾਵੇ। ਜੇਕਰ ਕਿਸੇ ਅਧਿਕਾਰੀ ਜਾਂ ਵਿਅਕਤੀ ਵੱਲੋਂ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਤਮਿਲ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਸਮਾਗਮ ਕਰਵਾਉਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਵਰਗੇ ਸਮਾਜਿਕ ਉਪਰਾਲੇ ਬਿਨਾਂ ਕਿਸੇ ਗੈਰ-ਵਾਜਬ ਰੁਕਾਵਟ ਦੇ ਕਰਨ ਦੀ ਆਜ਼ਾਦੀ ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇ।
ਹਰਦੇਵ ਸਿੰਘ ਉੱਭਾ ਨੇ ਅੰਤ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਅਕਸਰ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੇ ਦਾਅਵੇ ਕਰਦੀ ਹੈ, ਪਰ ਹੁਣ ਤਮਿਲ ਸਿੱਖ ਭਾਈਚਾਰੇ ਦੇ ਇਸ ਮਾਮਲੇ ‘ਤੇ ਉਸ ਨੂੰ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਰਾਹੁਲ ਗਾਂਧੀ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਦੀ ਚੁੱਪੀ ਕਈ ਸਵਾਲ ਖੜ੍ਹੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਧਾਰਮਿਕ ਸਨਮਾਨ, ਆਜ਼ਾਦੀ ਅਤੇ ਬੱਚਿਆਂ ਦੇ ਸਿੱਖਿਆ ਦੇ ਅਧਿਕਾਰਾਂ ਦੀ ਰਾਖੀ ਲਈ ਹਰ ਸੰਵਿਧਾਨਕ ਮੰਚ ‘ਤੇ ਆਵਾਜ਼ ਉਠਾਈ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਮਨੁੱਖਤਾ ਦੀ ਸੇਵਾ ਕਰਨਾ ਕੋਈ ਅਪਰਾਧ ਨਹੀਂ, ਸਗੋਂ ਸਮਾਜ ਪ੍ਰਤੀ ਸਾਡਾ ਫ਼ਰਜ਼ ਹੈ।












