ਪੰਥਕ ਅਗਵਾਈ ਦੀ ਮੁੜ ਸਥਾਪਤੀ ਅਤੇ ਪੰਜਾਬ ਦੇ ਭਵਿੱਖ ਲਈ ਅਕਾਲੀ-ਭਾਜਪਾ ਗਠਜੋੜ ਇਤਿਹਾਸਕ ਫੈਸਲਾ: ਭੁੰਦੜ, ਸਰਨਾ

ਨੈਸ਼ਨਲ ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ, ਕਰਤਾਰਪੁਰ ਲਾਂਘੇ, ਕਿਸਾਨੀ ਸੰਕਟ ਅਤੇ ਨਸ਼ਿਆਂ ਦੇ ਖਾਤਮੇ ਸਮੇਤ ਅਹਿਮ ਮੁੱਦਿਆਂ ਦੇ ਹੱਲ ਦਾ ਭਰੋਸਾ ਤੇ ਪੰਜਾਬ ਦਾ ਮੁੱਖ ਮੰਤਰੀ ਅਕਾਲੀ ਦਲ ਦਾ ਹੋਵੇਗਾ

ਨਵੀਂ ਦਿੱਲੀ, 27 ਨਵੰਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):

ਅਕਾਲੀ-ਭਾਜਪਾ ਗਠਜੋੜ ਨੂੰ ਪੰਥ, ਪੰਜਾਬ ਅਤੇ ਸਿੱਖ ਕੌਮ ਦੇ ਭਵਿੱਖ ਦੀ ਸੁਰੱਖਿਆ ਲਈ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇੰਚਾਰਜ ਬਲਵਿੰਦਰ ਸਿੰਘ ਭੁੰਦੜ ਅਤੇ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ 106 ਸਾਲ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਦੀ ਆਜ਼ਾਦੀ, ਪੰਜਾਬੀ ਸੂਬੇ ਦੀ ਪ੍ਰਾਪਤੀ ਅਤੇ ਸਿੱਖ ਹੱਕਾਂ ਦੀ ਰਾਖੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਇਤਿਹਾਸਕ ਵਿਰਾਸਤ ਨੂੰ ਅੱਗੇ ਤੋਰਨ ਅਤੇ ਕਮਜ਼ੋਰ ਹੋ ਰਹੀ ਪੰਥਕ ਅਗਵਾਈ ਨੂੰ ਮੁੜ ਮਜ਼ਬੂਤ ਕਰਨ ਲਈ ਇਹ ਗਠਜੋੜ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ, ਕਿਸਾਨੀ ਸੰਕਟ, ਬੰਦੀ ਸਿੰਘਾਂ ਦੀ ਰਿਹਾਈ ਅਤੇ ਅਮਨ-ਸ਼ਾਂਤੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਹਿੰਦੂ-ਸਿੱਖ ਏਕਤਾ ਨੂੰ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਦੱਸਦਿਆਂ ਉਨ੍ਹਾਂ ਕਿਹਾ ਕਿ ਗਠਜੋੜ ਸੂਬੇ ਨੂੰ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਤੋਂ ਬਚਾ ਕੇ ਭਾਈਚਾਰੇ ਤੇ ਖੁਸ਼ਹਾਲੀ ਵੱਲ ਲਿਜਾਣ ਵਿੱਚ ਭੂਮਿਕਾ ਨਿਭਾਏਗਾ। ਸਰਨਾ ਨੇ ਸਪੱਸ਼ਟ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਗਠਜੋੜ ਦੀ ਪਹਿਲੀ ਤਰਜੀਹ ਹੈ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਰਾਹੀਂ ਇਸ ਦਾ ਸਥਾਈ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ। ਇਸੇ ਤਰ੍ਹਾਂ ਕਰਤਾਰਪੁਰ ਲਾਂਘੇ ਸਮੇਤ ਹੋਰ ਪੰਥਕ ਮਸਲਿਆਂ ਦੇ ਛੇਤੀ ਹੱਲ ਦੀ ਉਮੀਦ ਵੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਖੇਤੀ ਕਾਨੂੰਨਾਂ ਸਮੇਂ ਪਾਰਟੀ ਨੇ ਸਿਧਾਂਤਕ ਸਟੈਂਡ ਲਿਆ ਸੀ, ਹੁਣ ਕਿਸਾਨਾਂ ਦੇ ਮਸਲੇ ਕੇਂਦਰ ਨਾਲ ਗੱਲਬਾਤ ਕਰਕੇ ਹੱਲ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਗਠਜੋੜ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿੱਚ ਹੋਵੇਗਾ ਅਤੇ ਪੰਜਾਬ ਦਾ ਮੁੱਖ ਮੰਤਰੀ ਅਕਾਲੀ ਦਲ ਦਾ ਬਣੇਗਾ। ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ਵਿਖੇ ਹੋਈ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਦੁਹਰਾਉਂਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨੌਜਵਾਨਾਂ ਲਈ ਖੇਡਾਂ, ਸਿੱਖਿਆ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਉੱਤੇ ਚੱਲਣ ਵਾਲੀ ਮਜ਼ਬੂਤ ਪੰਥਕ ਅਗਵਾਈ ਜ਼ਰੂਰੀ ਹੈ। ਭੁੰਦੜ ਅਤੇ ਸਰਨਾ ਨੇ ਦਿੱਲੀ ਗੁਰਦੁਆਰਾ ਚੋਣਾਂ ਲਈ ਵਰਕਰਾਂ ਨੂੰ ਹੁਣੇ ਤੋਂ ਕਮਰਕੱਸੇ ਕਰਨ ਦਾ ਸੱਦਾ ਦਿੱਤਾ ਅਤੇ ਪਾਰਟੀ ਦੇ ਵਿਸਥਾਰ ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਹੁਦੇਦਾਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਮੀਟਿੰਗ ਵਿੱਚ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਅਤੇ ਜਤਿੰਦਰ ਸਿੰਘ ਸਾਹਨੀ ਸਮੇਤ ਹੋਰ ਆਗੂ ਮੌਜੂਦ ਸਨ।

Latest News

Latest News