ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਰੋਕ ਦਾ ਮਾਮਲਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚਿਆ

ਚੰਡੀਗੜ੍ਹ ਪੰਜਾਬ

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਦੀ ਸ਼ਿਕਾਇਤ ’ਤੇ ਤਮਿਲਨਾਡੂ ਦੇ DGP ਨੂੰ ਨੋਟਿਸ ਜਾਰੀ, ਜਲਦ ਰਿਪੋਰਟ ਤਲਬ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ;

ਤਮਿਲਨਾਡੂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਇਜਾਜ਼ਤ ਨਾ ਦੇਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦੇ ਸਮਾਜਿਕ ਕਾਰਜ ਵਿੱਚ ਰੁਕਾਵਟ ਪਾਉਣ ਦੇ ਗੰਭੀਰ ਮਾਮਲੇ ਵਿੱਚ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਨੇ ਕਾਰਵਾਈ ਕਰਦਿਆਂ ਤਮਿਲਨਾਡੂ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੂੰ ਨੋਟਿਸ ਜਾਰੀ ਕੀਤਾ ਹੈ।
ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਵੱਲੋਂ ਇਸ ਮਾਮਲੇ ਨੂੰ ਲੈ ਕੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉੱਭਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਕਮਿਸ਼ਨ ਨੇ 27 ਨਵੰਬਰ 2026 ਨੂੰ ਪੱਤਰ ਨੰਬਰ S/PB/106/00071/2026 ਰਾਹੀਂ ਤਮਿਲਨਾਡੂ ਦੇ DGP ਨੂੰ ਮਾਮਲੇ ਦੀ ਜਾਂਚ ਕਰਕੇ ਜਲਦ ਤੱਥਾਤਮਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕਮਿਸ਼ਨ ਵੱਲੋਂ ਸ਼ਿਕਾਇਤ ਦੀ ਕਾਪੀ ਤਮਿਲਨਾਡੂ ਪੁਲਿਸ ਦੇ ਮੁਖੀ ਨੂੰ ਭੇਜ ਕੇ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਕਮਿਸ਼ਨ ਦੇ ਵਿਚਾਰ ਲਈ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨਾਲ ਜੁੜਿਆ ਹੋਇਆ ਹੈ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੋਂ ਰੋਕਣਾ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਵਰਗੇ ਨੇਕ ਕਾਰਜ ਵਿੱਚ ਰੁਕਾਵਟ ਪਾਉਣਾ ਬੇਹੱਦ ਮੰਦਭਾਗਾ ਹੈ।
ਉਨ੍ਹਾਂ ਸਵਾਲ ਕੀਤਾ ਕਿ ਕੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਅਤੇ ਬੱਚਿਆਂ ਨੂੰ ਮੁਫ਼ਤ ਵਿਦਿਆ ਦੇਣਾ ਕੋਈ ਗੁਨਾਹ ਹੈ? ਜੇਕਰ ਧਾਰਮਿਕ ਸਮਾਗਮ ਅਤੇ ਸਮਾਜਿਕ ਸੇਵਾ ਦੇ ਕਾਰਜਾਂ ਲਈ ਵੀ ਇਜਾਜ਼ਤ ਨਹੀਂ ਮਿਲੇਗੀ, ਤਾਂ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਦੀ ਰੱਖਿਆ ਕੌਣ ਕਰੇਗਾ?
ਉੱਭਾ ਨੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਵੀ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਤਮਿਲਨਾਡੂ ਵਿੱਚ ਸਿੱਖ ਭਾਈਚਾਰੇ ਦੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਰੁਕਾਵਟਾਂ ਪਾਉਣ ਦੇ ਮਾਮਲੇ ’ਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਆਪਣਾ ਸਪੱਸ਼ਟ ਸਟੈਂਡ ਸਾਹਮਣੇ ਲਿਆਵੇ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਹੋਰ ਆਗੂ ਦੱਸਣ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਮਾਮਲੇ ’ਤੇ ਉਹ ਚੁੱਪ ਕਿਉਂ ਹਨ?
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਧਾਰਮਿਕ ਅਧਿਕਾਰਾਂ ਅਤੇ ਸਮਾਜਿਕ ਸੇਵਾ ਦੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਾਂਗਰਸ ਅਤੇ ਉਸਦੇ ਸਹਿਯੋਗੀ ਦਲਾਂ ਨੂੰ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨੀ ਚਾਹੀਦੀ ਹੈ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵੱਲੋਂ ਨੋਟਿਸ ਜਾਰੀ ਹੋਣਾ ਇਸ ਮਾਮਲੇ ਨੂੰ ਅਧਿਕਾਰਤ ਪੱਧਰ ’ਤੇ ਉਠਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਹੁਣ ਤਮਿਲਨਾਡੂ ਸਰਕਾਰ ਅਤੇ ਪੁਲਿਸ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

Latest News

Latest News