ਸੂਬੇ ਵਿੱਚ ‘ਆਪ’ ਦਾ ਸਿਆਸੀ ਵਜੂਦ ਖ਼ਤਮ ਕਰਨ ਦੀ ਚਿਤਾਵਨੀ: ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ- ਮੁਲਾਜ਼ਮਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ
ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ;
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (AAP) ਸਰਕਾਰ ਦੀਆਂ ਨੀਤੀਆਂ ਵਿਰੁੱਧ ਤਿੱਖਾ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵੱਡੇ ਕੱਟ ਲਗਾਉਣ ਦਾ ਸਿਲਸਿਲਾ ਬੰਦ ਨਾ ਕੀਤਾ ਗਿਆ, ਤਾਂ ਸੂਬੇ ਦੇ ਮੁਲਾਜ਼ਮ ਅਤੇ ਆਮ ਲੋਕ ਮਿਲ ਕੇ ਸੱਤਾਧਾਰੀ ਪਾਰਟੀ ਦਾ ਸਿਆਸੀ ਵਜੂਦ ਖ਼ਤਮ ਕਰ ਦੇਣਗੇ।ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਚੈਨ ਸਿੰਘ ਖਹਿਰਾ ਨੇ ਬੇਹੱਦ ਤਿੱਖੇ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਧਰਤੀ ਤੋਂ ‘ਏਲੀਅਨ’ (ਬਾਹਰੀ ਗ੍ਰਹਿ ਦੇ ਜੀਵ) ਅਲੋਪ ਹੋ ਗਏ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਦਾ ਜ਼ਿਕਰ ਸਿਰਫ਼ ਕਿਤਾਬਾਂ ਜਾਂ ਕਹਾਣੀਆਂ ਵਿੱਚ ਹੀ ਰਹਿ ਗਿਆ ਹੈ, ਉਸੇਤਰ੍ਹਾਂ ਪੰਜਾਬ ਦੇਲੋਕ ਆਮ ਆਦਮੀ ਪਾਰਟੀ ਦਾ ਵੀ ਇਤਿਹਾਸ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਤਿਹਾਸ ਦੇ ਪੰਨਿਆਂ ‘ਤੇ ਇਹ ਪੜ੍ਹਿਆ ਜਾਇਆ ਕਰੇਗਾ ਕਿ ਆਮ ਆਦਮੀ ਪਾਰਟੀ ਦੀ ਸ਼ੁਰੂਆਤ ਦਿੱਲੀ ਤੋਂ ਹੋਈ ਸੀ ਅਤੇ ਇਸ ਨੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਈ ਸੀ, ਪਰ ਪੰਜਾਬ ਹੀ ਉਹ ਸੂਬਾ ਬਣਿਆ ਜਿਸ ਨੇ ਇਸ ਪਾਰਟੀ ਦੀ ਸਿਆਸੀ ਹੋਂਦ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ।
ਖਹਿਰਾ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਅਪਣਾਇਆ ਜਾ ਰਿਹਾ ਰਵੱਈਆ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਸਵਾਲ ਉਠਾਇਆ ਕਿ ਮੌਜੂਦਾ ਹੁਕਮਰਾਨਾਂ ਨੂੰ ਇਹ ਹੱਕ ਕਿਸ ਨੇ ਦਿੱਤਾ ਹੈ ਕਿ ਉਹ ਦਿਨ-ਰਾਤ ਮਿਹਨਤ ਕਰਨ ਵਾਲੇ ਮੁਲਾਜ਼ਮ ਸਾਥੀਆਂ ਨਾਲ ਧੱਕਾ ਕਰਨ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਮੋਟੇ ਕੱਟ ਲਗਾਉਣ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਦੇ ਨਾਲ-ਨਾਲ ਸਮਾਜ ਦੇ ਹੋਰ ਵਰਗ ਵੀ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਹਰ ਕੋਈ ਇਸ ਦਾ ਸੇਕ ਮਹਿਸੂਸ ਕਰ ਰਿਹਾ ਹੈ ਮੁਲਾਜ਼ਮ ਆਗੂ ਨੇ ਜ਼ੋਰ ਦੇਕੇ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਦਾ ਜੋ ਮਾੜਾ ਹਾਲ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ, ਉਸ ਦਾ ਜਵਾਬ ਦੇਣ ਲਈ ਹੁਣ ਸਖ਼ਤ ਕਦਮ ਚੁੱਕਣੇ ਪੈਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮ ਜਥੇਬੰਦੀਆਂ ਆਪਣੇ ਹੱਕਾਂ ਦੀ ਰਾਖੀ ਲਈ ਪਿੱਛੇ ਨਹੀਂ ਹਟਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਦੂਜੇ ਪਾਸੇ, ਇਸ ਬਿਆਨ ‘ਤੇ ਸੱਤਾਧਾਰੀ ਧਿਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ, ਪਰ ਸਿਆਸੀ ਹਲਕਿਆਂ ਵਿੱਚ ਇਸ ਬਿਆਨ ਦੀ ਭਰਪੂਰ ਚਰਚਾ ਹੋ ਰਹੀ ਹੈ।












