170.95 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 165.45 ਲੱਖ ਮੀਟ੍ਰਿਕ ਟਨ ਝੋਨੇ ਦੀ ਹੋ ਚੁੱਕੀ ਖਰੀਦ, 122.20 ਲੱਖ ਮੀਟ੍ਰਿਕ ਟਨ ਦੀ ਹੋਈ ਲਿਫਟਿੰਗ
ਐਸ.ਏ.ਐਸ. ਨਗਰ (ਮੋਹਾਲੀ), 10 ਨਵੰਬਰ, ਬੋਲੇ ਪੰਜਾਬ ਬਿਊਰੋ;
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸਾਉਣੀ ਖਰੀਦ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਸ. ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਅਤੇ ਲਿਫਟਿੰਗ ਦੇ ਕਾਰਜ ਸੁਚੱਜੇ ਤਰੀਕੇ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਮੰਡੀਆਂ ਵਿੱਚੋਂ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਪਹੁੰਚੀ ਫਸਲ ਦੀ ਲੱਗਭਗ 97 ਫੀਸਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ 9 ਨਵੰਬਰ ਤੱਕ 170.95 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 165.45 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 163.76 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਮੰਡੀਆਂ ਵਿੱਚੋਂ ਲਗਭਗ 122.20 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਬਾਰੇ ਦੱਸਦਿਆਂ ਚੇਅਰਮੈਨ ਨੇ ਕਿਹਾ ਕਿ ਪਨਗ੍ਰੇਨ ਵੱਲੋਂ 70,43,189 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40,67,314 ਮੀਟ੍ਰਿਕ ਟਨ, ਪਨਸਪ ਵੱਲੋਂ 33,81,224 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 18,02,393 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 81,967 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1,68,974 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਬੀਤੇ ਸੋਮਵਾਰ ਨੂੰ ਮੰਡੀਆਂ ਵਿੱਚ 4.17 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਦਕਿ 4.34 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 3.55 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਯੋਗ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਕੀਤੇ ਗਏ ਪੁਖਤਾ ਪ੍ਰਬੰਧਾਂ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਫਸਲ ਦੀ ਨਾਲੋਂ-ਨਾਲ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।












