ਸੰਭਾਲਕੀ ਅਤੇ ਨਾਨੂ ਮਾਜਰਾ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਸਫ਼ਾਈ ਪ੍ਰਬੰਧ ਬਦਹਾਲ, ਖੁੱਲ੍ਹੇ ਨਾਲਿਆਂ ਦੀ ਸਮੱਸਿਆ ਸਬੰਧੀ ਨਗਰ ਨਿਗਮ ਅਧਿਕਾਰੀਆਂ ਵੱਲੋਂ ਕੋਈ ਸੁਣਵਾਈ ਨਹੀਂ: ਕੌਂਸਲਰ ਗੁਰਪ੍ਰੀਤ ਕੌਰ ਉੱਭਾ
ਮੋਹਾਲੀ 11 ਨਵੰਬਰ ,ਬੋਲੇ ਪੰਜਾਬ ਬਿਉਰੋ:
ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਆਪਣੀ ਧਰਮਪਤਨੀ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਸਮੇਤ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਹਾਲੀ ਸ਼ਹਿਰ ਅਤੇ ਆਸ-ਪਾਸ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਕਈ ਸੈਕਟਰਾਂ ਵਿੱਚ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਹਾਲਤ ਤਸੱਲੀਬਖ਼ਸ਼ ਨਹੀਂ ਹੈ। ਵਾਰ-ਵਾਰ ਸ਼ਿਕਾਇਤਾਂ ਅਤੇ ਪੱਤਰ ਦੇਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਸੈਕਟਰ 85, 86, 88, 98 ਅਤੇ 99 ਸਮੇਤ ਹੋਰ ਰਿਹਾਇਸ਼ੀ ਖੇਤਰਾਂ ਵਿੱਚ ਨਹਿਰੀ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਵਾਉਣ ਅਤੇ ਸੈਕਟਰ 66/67 ਨੂੰ ਸੈਕਟਰ 80/81 ਅਤੇ ਵੇਵ ਅਸਟੇਟ ਸੈਕਟਰ 84/85 ਨਾਲ ਜੋੜਨ ਵਾਲੇ ਸਾਲਾਂ ਤੋਂ ਅਧੂਰੇ ਪਏ ਪੁਲ ਦਾ ਨਿਰਮਾਣ ਜਲਦ ਮੁਕੰਮਲ ਕਰਵਾਉਣ ਦੀ ਮੰਗ ਉਠਾਈ। ਇਸ ਦੇ ਨਾਲ ਹੀ ਸੈਕਟਰ 87 ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ ਨੂੰ ਮੌਜੂਦਾ ਬਾਜ਼ਾਰ ਮੁੱਲ ਅਨੁਸਾਰ ਉਚਿਤ ਮੁਆਵਜ਼ਾ ਦੇਣ ਅਤੇ ਐਲਾਨੀਆਂ ਗਈਆਂ ਦਰਾਂ ਦੀ ਸਮੀਖਿਆ ਕਰਨ ਦਾ ਮੁੱਦਾ ਵੀ ਉਠਾਇਆ।
ਇਸ ਮੌਕੇ ਵਾਰਡ ਨੰਬਰ 41 ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਪਿੰਡ ਸੰਭਾਲਕੀ ਅਤੇ ਨਾਨੂ ਮਾਜਰਾ ਵਿੱਚ ਬਦਹਾਲ ਸਫ਼ਾਈ ਪ੍ਰਬੰਧਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ ਪੰਜ ਮਹੀਨਿਆਂ ਤੋਂ ਦੋਵਾਂ ਪਿੰਡਾਂ ਦੀ ਸਫ਼ਾਈ ਵਿਵਸਥਾ ਅਤੇ ਹੋਰ ਸਮੱਸਿਆਵਾਂ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਲਗਾਤਾਰ ਸ਼ਿਕਾਇਤਾਂ ਅਤੇ ਪੱਤਰ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਢੁੱਕਵੀਂ ਸੁਣਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨਿਯਮਿਤ ਤੌਰ ‘ਤੇ ਸਫ਼ਾਈ ਨਹੀਂ ਹੋ ਰਹੀ ਅਤੇ ਕਈ ਥਾਵਾਂ ‘ਤੇ ਖੁੱਲ੍ਹੇ ਨਾਲੇ ਪਏ ਹਨ, ਜਿਨ੍ਹਾਂ ਨੂੰ ਅਜੇ ਤੱਕ ਢੱਕਿਆ ਨਹੀਂ ਗਿਆ। ਇਸ ਕਾਰਨ ਪਿੰਡ ਵਾਸੀਆਂ, ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵਾਂ ਪਿੰਡਾਂ ਵਿੱਚ ਤੁਰੰਤ ਸਫ਼ਾਈ ਪ੍ਰਬੰਧ ਸੁਧਾਰੇ ਜਾਣ, ਖੁੱਲ੍ਹੇ ਨਾਲਿਆਂ ਨੂੰ ਢੱਕਿਆ ਜਾਵੇ ਅਤੇ ਲੰਬਿਤ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਇਆ ਜਾਵੇ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੂੰ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਲੋੜ ਹੈ। ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨਾ ਚਾਹੀਦਾ ਹੈ। ਭਾਜਪਾ ਲੋਕਾਂ ਦੀ ਆਵਾਜ਼ ਨੂੰ ਲਗਾਤਾਰ ਸਬੰਧਤ ਮੰਚਾਂ ‘ਤੇ ਉਠਾਉਂਦੀ ਰਹੇਗੀ।
ਮੀਟਿੰਗ ਦੌਰਾਨ ਭਾਜਪਾ ਦੀਆਂ ਜਥੇਬੰਦਕ ਗਤੀਵਿਧੀਆਂ, ਮੋਹਾਲੀ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਅਤੇ ਲੋੜੀਂਦਾ ਮਾਰਗਦਰਸ਼ਨ ਤੇ ਸੁਝਾਅ ਦਿੱਤੇ।
ਇਸ ਮੌਕੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਮਨੋਜ ਸ਼ਰਮਾ ਜੀ ਵੀ ਹਾਜ਼ਰ ਸਨ।
ਹਰਦੇਵ ਸਿੰਘ ਉੱਭਾ ਅਤੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਵਿਕਾਸ, ਸਾਫ਼ ਪੀਣ ਵਾਲੇ ਪਾਣੀ, ਬਿਹਤਰ ਨਾਗਰਿਕ ਸਹੂਲਤਾਂ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਆਵਾਜ਼ ਲਗਾਤਾਰ ਬੁਲੰਦ ਹੁੰਦੀ ਰਹੇਗੀ।












