ਸੋਨੀਆ ਗਾਂਧੀ ਦੀ ਪੁਸਤਕ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼: ਕਾਲਕਾ ਤੇ ਕਾਹਲੋਂ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 11 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੋਨੀਆ ਗਾਂਧੀ ਦੀ ਪੁਸਤਕ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦਾ ‘ਜਬ ਬੜਾ ਪੇੜ ਗਿਰਤਾ ਹੈ ਤੋ ਧਰਤੀ ਹਿਲਤੀ ਹੈ’ ਵਾਲਾ ਵਿਵਾਦਤ ਬਿਆਨ ਅੱਜ ਵੀ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਹਰੇ ਕਰ ਦਿੰਦਾ ਹੈ। ਜੇਕਰ ਉਹ 1984 ਦੇ ਕਤਲੇਆਮ ਤੋਂ ਦੁਖੀ ਸਨ ਤਾਂ ਕਾਤਲਾਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਮਿਲਦੀ ਰਹੀ ਅਤੇ ਪੀੜਤ ਪਰਿਵਾਰਾਂ ਨੂੰ ਦਹਾਕਿਆਂ ਤੱਕ ਇਨਸਾਫ਼ ਲਈ ਸੰਘਰਸ਼ ਕਿਉਂ ਕਰਨਾ ਪਿਆ? ਦੋਵਾਂ ਆਗੂਆਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਸਵੀਕਾਰ ਕੀਤੇ ਜਾਣ ਦੇ ਬਾਵਜੂਦ ਇਤਿਹਾਸਕ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਿਆ ਜਾ ਸਕਦਾ। ਉਨ੍ਹਾਂ ਸੋਨੀਆ ਗਾਂਧੀ ਤੋਂ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਜਿਹੀ ਪੁਸਤਕ ਰਾਹੀਂ ਸਿਆਸੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਨਾਲ ਹੋਏ ਅਨਿਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਇਨਸਾਫ਼ ਦੀ ਲੜਾਈ ਜਾਰੀ ਰਹੇਗੀ।

Latest News

Latest News