ਬੇਗਮਪੁਰਾ ਖ਼ਾਲਸਾ ਰਾਜ’ ਦੀ ਸਥਾਪਨਾ ਸਾਡਾ ਮੁੱਖ ਉਦੇਸ਼, ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਚੋਣਾਂ ਵਿੱਚ ਦੇਵਾਂਗੇ ਪੂਰਨ ਸਮਰਥਨ: ਸਰਦਾਰ ਜੀਵਨ ਸਿੰਘ ਤਮਿਲ

ਨੈਸ਼ਨਲ ਪੰਜਾਬ

ਨਵੀਂ ਦਿੱਲੀ 12 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਮਿਲ ਨੇ ਐਲਾਨ ਕੀਤਾ ਹੈ ਕਿ ‘ਬੇਗਮਪੁਰਾ ਖ਼ਾਲਸਾ ਰਾਜ’ ਨਾਮਕ ਸਮਾਨਤਾ-ਅਧਾਰਿਤ ਸਾਮਰਾਜ ਦੀ ਸਥਾਪਨਾ ਕਰਨਾ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਸੇ ਵਿਚਾਰਧਾਰਕ ਮਾਰਗ ’ਤੇ ਚੱਲਣ ਵਾਲੀ ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਦੇ ਇਸ ਐਲਾਨ ਨੂੰ ਆਉਣ ਵਾਲੀਆਂ ਚੋਣਾਂ ਦੇ ਸੰਦਰਭ ਵਿੱਚ ਦੋਵਾਂ ਧਿਰਾਂ ਦੀ ਵਿਚਾਰਧਾਰਕ ਸਾਂਝ ਅਤੇ ਸਿਆਸੀ ਸਹਿਯੋਗ ਵਜੋਂ ਦੇਖਿਆ ਜਾ ਰਿਹਾ ਹੈ। ਸਰਦਾਰ ਜੀਵਨ ਸਿੰਘ ਤਮਿਲ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਅਧਿਕਾਰਤ ਮਾਨਤਾ ਦੇਣ ਤੋਂ ਇਨਕਾਰ ਕੀਤੇ ਜਾਣ ਕਾਰਨ ਇਸ ਲਹਿਰ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਨਿਰਾਸ਼ ਜਾਂ ਚਿੰਤਤ ਹੋਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਹਿੱਸਾ ਲੈਣ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਅਧਿਕਾਰਤ ਤੌਰ ’ਤੇ ਐਲਾਨੇ ਗਏ ਉਮੀਦਵਾਰਾਂ ਨੂੰ ਬਹੁਜਨ ਦ੍ਰਾਵਿੜ ਪਾਰਟੀ ਆਪਣੇ ਅਧਿਕਾਰਤ ਫਾਰਮ ਏ ਅਤੇ ਫਾਰਮ ਬੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬਰਾਬਰੀ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਨੂੰ ਸਿਆਸੀ ਤਾਕਤ ਵਿੱਚ ਬਦਲਣਾ ਸਮੇਂ ਦੀ ਲੋੜ ਹੈ। ਜੇਕਰ ਕਿਸੇ ਧਿਰ ਨੂੰ ਚੋਣ ਪ੍ਰਕਿਰਿਆ ਵਿੱਚ ਅੜਚਣਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਦੂਜੀਆਂ ਵਿਚਾਰਧਾਰਕ ਧਿਰਾਂ ਨੂੰ ਉਸ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਸਰਦਾਰ ਜੀਵਨ ਸਿੰਘ ਤਮਿਲ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਵਾਰਿਸ ਪੰਜਾਬ ਦੇ’ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਉਨ੍ਹਾਂ ਦੀ ਪਾਰਟੀ ਹਰ ਸੰਭਵ ਸਿਆਸੀ ਸਹਿਯੋਗ ਦੇਣ ਵਾਸਤੇ ਤਿਆਰ ਹੈ। ਉਨ੍ਹਾਂ ਦੇ ਇਸ ਐਲਾਨ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਨਵੇਂ ਸਿਆਸੀ ਸਮੀਕਰਨਾਂ ਦੀ ਸੰਭਾਵਨਾ ਵਜੋਂ ਦੇਖਿਆ ਜਾ ਰਿਹਾ ਹੈ।

Latest News

Latest News