ਤਲਵੰਡੀ ਸਾਬੋ 15 ਨਵੰਬਰ ,ਬੋਲੇ ਪੰਜਾਬ ਬਿਊਰੋ;
ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਦੀਵਾਨ ਹਾਲ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਭਾਵੁਕ ਹੁੰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਚਾਹੁੰਦੇ ਹਨ ਤਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ। ਉਨ੍ਹਾਂ ਕਿਹਾ ਕਿ 2027 ਵਿੱਚ ‘ਝਾੜੂ’ ਨੂੰ ਵੋਟ ਨਾ ਪਾਉਣਾ ਹੀ ਪਰਵਿੰਦਰ ਝੋਟਾ ਨੂੰ ਅਸਲ ਸ਼ਰਧਾਂਜਲੀ ਹੋਵੇਗੀ।ਭੀਮ ਸਿੰਘ ਨੇ ਦੱਸਿਆ ਕਿ ਸਾਲ 2023 ਵਿੱਚ ਪੁਲੀਸ ਨੇ ਉਸ ਸਮੇਂ ਦੇ ਐੱਸਐੱਸਪੀ ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤਤਕਾਲੀ ਡੀਐੱਸਪੀ ਰਾਹੀਂ ਪਰਵਿੰਦਰ ਝੋਟਾ ਵਿਰੁੱਧ ਝੂਠੇ ਕੇਸ ਦਰਜ ਕਰਵਾ ਕੇ ਉਸ ਨੂੰ ਮਾਨਸਾ ਜੇਲ੍ਹ ਭੇਜ ਦਿੱਤਾ ਸੀ। ਉਸ ਸਮੇਂ ਨਵਾਂਸ਼ਹਿਰ ਦਾ ਇੱਕ ਹੋਰ ਵਿਅਕਤੀ ਵੀ ਨਸ਼ਿਆਂ ਵਿਰੁੱਧ ਲੜਾਈ ਲੜਨ ਕਾਰਨ ਜੇਲ੍ਹ ਵਿੱਚ ਬੰਦ ਸੀ। ਉਹ ਵਿਅਕਤੀ ਕਰੀਬ ਦੋ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਗਿਆ ਸੀ।ਉਨ੍ਹਾਂ ਦੱਸਿਆ ਕਿ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਹ ਵਿਅਕਤੀ ਪਰਵਿੰਦਰ ਝੋਟਾ ਵੱਲੋਂ ਲਾਏ ਜਾਂਦੇ ਧਰਨਿਆਂ ਵਿੱਚ ਸ਼ਾਮਲ ਹੁੰਦਾ ਰਿਹਾ ਅਤੇ ਆਪਣੇ ਇਲਾਕੇ ਵਿੱਚ ਵੀ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਂਦਾ ਰਿਹਾ ਪਰ ਇਸ ਦੌਰਾਨ ਨਸ਼ਾ ਤਸਕਰਾਂ ਨੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ।
ਭੀਮ ਸਿੰਘ ਨੇ ਦੱਸਿਆ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਨੂੰ ਉਸ ਵਿਅਕਤੀ ’ਤੇ ਹੋਏ ਹਮਲੇ ਬਾਰੇ ਪਤਾ ਲੱਗਿਆ ਤਾਂ ਉਹ ਉਸ ਦਾ ਹਾਲ ਜਾਣਨ ਲਈ ਦੋ ਵਾਰ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚੋਂ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਹਾਲਾਤ ਇਹ ਹਨ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀਆਂ ਲੱਤਾਂ-ਬਾਹਾਂ ਤੋੜੀਆਂ ਜਾ ਰਹੀਆਂ ਹਨ।












