ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ;
ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਨਾਲ ਪ੍ਰਸ਼ਾਸਨ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਵਾਰਡ ਦੇ ਵਸਨੀਕ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ, ਪਰ ਵਾਰ-ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਨਗਰ ਨਿਗਮ ਵੱਲੋਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ।
ਵਾਰਡ ਨੰਬਰ 41 ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਅੱਜ ਨਗਰ ਨਿਗਮ ਦੀ ਮੀਟਿੰਗ ਵਿੱਚ ਵਾਰਡ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਅਧਿਕਾਰੀਆਂ ਦੇ ਸਾਹਮਣੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਵਾਰਡ ਦੇ ਵਸਨੀਕ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਲਈ ਪ੍ਰੇਸ਼ਾਨ ਹਨ, ਪਰ ਵਾਰ-ਵਾਰ ਮੁੱਦੇ ਉਠਾਉਣ ਦੇ ਬਾਵਜੂਦ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ।
ਉਨ੍ਹਾਂ ਕਿਹਾ ਕਿ ਵਾਰਡ ਵਿੱਚ ਪਾਣੀ ਦੀ ਨਿਕਾਸੀ ਲਈ ਪੁੱਟੀਆਂ ਗਈਆਂ ਖਾਈਆਂ ਨੂੰ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਕੰਮ ਪੂਰਾ ਨਹੀਂ ਕੀਤਾ ਗਿਆ। ਖੁੱਲ੍ਹੀਆਂ ਖਾਈਆਂ ਕਾਰਨ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਾਰਡ ਦੀਆਂ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਨਹੀਂ ਹੋ ਰਹੀ। ਕਈ ਥਾਵਾਂ ‘ਤੇ ਨਾਲੇ ਓਵਰਫਲੋਅ ਹੋ ਰਹੇ ਹਨ, ਜਿਸ ਕਾਰਨ ਗੰਦਗੀ ਅਤੇ ਬਦਬੂ ਫੈਲ ਰਹੀ ਹੈ। ਦੂਜੇ ਪਾਸੇ ਲੋਕ ਪੀਣ ਵਾਲੇ ਸਾਫ਼ ਪਾਣੀ ਲਈ ਤਰਸ ਰਹੇ ਹਨ। ਪਾਣੀ ਦੀ ਸਪਲਾਈ ਅਤੇ ਗੁਣਵੱਤਾ ਸਬੰਧੀ ਸਮੱਸਿਆਵਾਂ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸਟਰੀਟ ਲਾਈਟਾਂ ਦੀ ਸਮੱਸਿਆ ਕਾਰਨ ਰਾਤ ਸਮੇਂ ਲੋਕਾਂ ਨੂੰ ਹਨੇਰੇ ਵਿੱਚ ਆਉਣਾ-ਜਾਣਾ ਪੈਂਦਾ ਹੈ।
ਗੁਰਪ੍ਰੀਤ ਕੌਰ ਉੱਭਾ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਉਨ੍ਹਾਂ ਦੇ ਫੋਨ ਤੱਕ ਨਹੀਂ ਚੁੱਕਦੇ। ਇੱਕ ਚੁਣੀ ਹੋਈ ਮਹਿਲਾ ਕੌਂਸਲਰ ਹੋਣ ਦੇ ਨਾਤੇ ਜਦੋਂ ਉਹ ਆਪਣੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਅਧਿਕਾਰੀਆਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਸੰਪਰਕ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਦਾ। ਉਨ੍ਹਾਂ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂ ਅਧਿਕਾਰੀਆਂ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦੀ ਗੱਲ ਸੁਣਨ ਤੋਂ ਰੋਕ ਰਹੇ ਹਨ। ਜੇਕਰ ਇੱਕ ਚੁਣੀ ਹੋਈ ਕੌਂਸਲਰ ਨੂੰ ਹੀ ਲੋਕਾਂ ਦੇ ਕੰਮ ਕਰਵਾਉਣ ਲਈ ਅਧਿਕਾਰੀਆਂ ਤੱਕ ਪਹੁੰਚਣ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪਵੇ ਤਾਂ ਆਮ ਲੋਕਾਂ ਦੀ ਸੁਣਵਾਈ ਕਿਵੇਂ ਹੋਵੇਗੀ?
ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸ਼ਹਿਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਵਾਰਡ ਨੰਬਰ 41 ਦੇ ਲੋਕ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਕੀ ਵਾਰਡ ਨੰਬਰ 41 ਦੇ ਲੋਕ ਨਗਰ ਨਿਗਮ ਨੂੰ ਟੈਕਸ ਨਹੀਂ ਦਿੰਦੇ? ਕੀ ਉਨ੍ਹਾਂ ਨੂੰ ਸਾਫ਼ ਪਾਣੀ, ਸਫ਼ਾਈ, ਸੀਵਰੇਜ ਅਤੇ ਰੌਸ਼ਨੀ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਦਾ ਹੱਕ ਨਹੀਂ ਹੈ?
ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੇ ਮੇਅਰ, ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਾਣੀ ਦੀ ਨਿਕਾਸੀ ਲਈ ਪੁੱਟੀਆਂ ਖਾਈਆਂ ਦਾ ਕੰਮ ਤੁਰੰਤ ਪੂਰਾ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਬੰਦ ਕੀਤਾ ਜਾਵੇ, ਵਾਰਡ ਦੀਆਂ ਸਾਰੀਆਂ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਕਰਵਾਈ ਜਾਵੇ, ਓਵਰਫਲੋਅ ਹੋ ਰਹੇ ਨਾਲਿਆਂ ਅਤੇ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਤੁਰੰਤ ਠੀਕ ਕਰਵਾਈਆਂ ਜਾਣ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਅਤੇ ਬੁਨਿਆਦੀ ਸਹੂਲਤਾਂ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ। ਅੱਜ ਨਗਰ ਨਿਗਮ ਦੀ ਮੀਟਿੰਗ ਵਿੱਚ ਵੀ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਵਾਰਡ ਦੀਆਂ ਸਮੱਸਿਆਵਾਂ ਉਠਾਈਆਂ ਹਨ ਅਤੇ ਅੱਗੇ ਵੀ ਹਰ ਮੰਚ ‘ਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਨਗਰ ਨਿਗਮ ਪ੍ਰਸ਼ਾਸਨ ਨੂੰ ਵਾਰਡ ਨੰਬਰ 41 ਨਾਲ ਵਿਤਕਰਾ ਬੰਦ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।












