ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਚੰਗੀ ਸਿਹਤ ਦਾ ਸੁਨੇਹਾ ਦੇਣ ਲਈ 400 ਵਿਦਿਆਰਥੀਆਂ ਨੇ 5 ਕਿਲੋਮੀਟਰ ਮੈਰਾਥਨ ਦੌੜ ਵਿੱਚ ਲਿਆ ਹਿੱਸਾ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ,ਬੋਲੇ ਪੰਜਾਬ ਬਿਊਰੋ:

ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 17 ਨਵੰਬਰ ਨੂੰ ਸਪੈਸ਼ਲ ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ.ਐੱਸ.ਪੀ. ਸ੍ਰੀ ਵਰੁਣ ਸ਼ਰਮਾ, ਆਈ.ਪੀ.ਐੱਸ. ਅਤੇ ਐੱਸ.ਪੀ. ਹੈੱਡਕੁਆਰਟਰ ਸ੍ਰੀ ਨਵਨੀਤ ਸਿੰਘ ਵਿਰਕ, ਪੀ.ਪੀ.ਐੱਸ. ਦੇ ਹੁਕਮਾਂ ਤਹਿਤ ਸਟੂਡੈਂਟ ਪੁਲਿਸ ਕੈਡਿਟ ਸਕੀਮ ਅਧੀਨ ਪਿੰਡ ਗੀਗੇਮਾਜਰਾ ਵਿਖੇ 5 ਕਿਲੋਮੀਟਰ ਮੈਰਾਥਨ ਦੌੜ ਕਰਵਾਈ ਗਈ।

ਇਸ ਮੈਰਾਥਨ ਦੌੜ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 400 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡੀ.ਐੱਸ.ਪੀ. ਟ੍ਰੈਫਿਕ ਸ੍ਰੀ ਕਰਨੈਲ ਸਿੰਘ ਅਤੇ ਇੰਸਪੈਕਟਰ ਜੈਦੀਪ ਜਾਖੜ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ, ਐੱਸ.ਏ.ਐੱਸ. ਨਗਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਰੀਰਕ ਤੰਦਰੁਸਤੀ ਲਈ ਖੇਡਾਂ ਤੇ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਮੈਰਾਥਨ ਦੌੜ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਤਿੰਨ ਲੜਕਿਆਂ ਅਤੇ ਤਿੰਨ ਲੜਕੀਆਂ ਨੂੰ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਅਜਿਹੀ ਸਾਰਥਕ ਗਤੀਵਿਧੀ ਵਿੱਚ ਸ਼ਾਮਲ ਕਰਨ ਅਤੇ ਮੈਰਾਥਨ ਦੌੜ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।

Latest News

Latest News