ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ‘ਚ ਵਾਧੇ ਦੀ ਉਮੀਦ ਜਾਗੀ; ਵਿੱਤ ਮੰਤਰੀ ਚੀਮਾ ਨਾਲ ਹੋਈ ਸਰਵ ਯੂਨੀਅਨ ਦੀ ਅਹਿਮ ਮੀਟਿੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 18 ਨਵੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਭਰ ਦੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਅੱਜ ‘ਸਰਵ
ਆਂਗਨਵਾੜੀ ਵਰਕਰ ਹੈਲਪਰ ਯੂਨੀਅਨ’ ਦੇ ਇੱਕ ਵਫ਼ਦ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਫ਼ਦ ਨੇ ਸ਼ਮੂਲੀਅਤ ਕੀਤੀ, ਜਿਸ ਵਿੱਚ ਸੂਬਾ ਜਨਰਲ ਸਕੱਤਰ ਹਰਪ੍ਰੀਤ ਕੌਰ ਸਿੰਘਪੁਰਾ ਅਤੇ ਮੀਤ ਪ੍ਰਧਾਨ ਸਤਵਿੰਦਰ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਗੇਆਪਣੀ ਸਭ ਤੋਂ ਪ੍ਰਮੁੱਖ ਮੰਗ ਰੱਖਦਿਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਪੁਰਜ਼ੋਰ ਵਕਾਲਤ ਕੀਤੀ। ਯੂਨੀਅਨ ਆਗੂਆਂ ਨੇ ਸਬ-ਕਮੇਟੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਮਾਣ ਭੱਤੇ ਵਿੱਚ ਜਲਦ ਤੋਂ ਜਲਦ ਵਾਧਾ ਕੀਤਾ ਜਾਵੇ ਤਾਂ, ਜੋ ਮਹਿੰਗਾਈ ਦੇ ਇਸ ਦੌਰ ਵਿੱਚ ਉਨ੍ਹਾਂ ਦਾ ਗੁਜ਼ਾਰਾ ਸੌਖਾ ਹੋ ਸਕੇ। ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਵਾਰ-ਵਾਰ ਸੜਕਾਂ ਉੱਤੇ ਤੇ ਉਤਰਨ ਅਤੇ ਖੱਜਲ-ਖੁਆਰ ਹੋਣ ਲਈ ਮਜਬੂਰ ਨਾ ਕਰੇ, ਸਗੋਂ ਇੱਕੋ ਬੈਠਕ ਵਿੱਚ ਅੰਤਿਮ ਫੈਸਲਾ ਲੈ ਕੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ ਕਰੈੱਚ (Creche) ਵਰਕਰਾਂ ਅਤੇ ਹੈਲਪਰਾਂ ਨੂੰ ਵੀ ਬਣਦਾ ਭੱਤਾ ਦੇਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਗਈ।ਜਥੇਬੰਦੀ ਦੇ ਆਗੂਆਂ ਨੇ ਰੋਸ ਪ੍ਰਗਟਾਉਂਦਿਆਂ ਦੱਸਿਆ ਕਿ ਉਹ ਪਿਛਲੇ 55 ਮਹੀਨਿਆਂ ਤੋਂ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇਹਨ। ਉਹ ਲੰਮੇ ਅਰਸੇ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ ਬੈਠਕ ਕਰਕੇ ਆਪਣੀਆਂ ਮੁਸ਼ਕਲਾਂ ਦਾ ਸਥਾਈ ਹੱਲ ਕਰਵਾਉਣਾ ਚਾਹੁੰਦੇ ਸਨ, ਪਰ ਸਰਕਾਰ ਦਾ ਇੰਨਾ ਲੰਮਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਸੀ। ਬੀਤੀ 16 ਨਵੰਬਰ 2026 ਨੂੰ ਸੰਗਰੂਰ ਵਿਖੇ ਕੀਤੇ ਗਏ ਜ਼ਬਰਦਸਤ ਰੋਸ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਮੁੱਖ ਮੰਤਰੀ ਵੱਲੋਂ ਗੱਲਬਾਤ ਲਈ ਸਮਾਂ ਦਿੱਤਾ ਗਿਆ। ਹੁਣ ਯੂਨੀਅਨ ਨੂੰ ਆਉਂਦੀ 27 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਨ ਦਾ ਭਰੋਸਾ ਮਿਲਿਆ ਹੈ।
ਮੀਟਿੰਗ ਵਿੱਚ ਹੋਈ ਸਾਰੀ ਚਰਚਾ ਨੂੰ ਬੜੇ ਧਿਆਨ ਨਾਲ ਸੁਣਨ ਉਪਰੰਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਖੁਦ ਮੁੱਖ ਮੰਤਰੀ ਸਾਹਿਬ ਨੂੰ ਇਸ ਮਾਮਲੇ ਸਬੰਧੀ ਸਿਫਾਰਸ਼ ਕਰਨਗੇ ਅਤੇ 27 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਣ ਵਾਲੀ ਮੀਟਿੰਗ ਦਾ ਅਧਿਕਾਰਤ ਪੱਤਰ ਜਲਦ ਹੀ ਜਾਰੀ ਕਰਵਾਇਆ ਜਾਵੇਗਾ। ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਮਾਣਭੱਤੇ ਵਿੱਚ ਵਾਧੇ ਸਬੰਧੀ ਅੰਤਿਮ ਅਤੇ ਖੁਸ਼ਖਬਰੀ ਵਾਲਾ ਫੈਸਲਾ ਮੁੱਖ ਮੰਤਰੀ ਨਾਲ ਹੋਣ ਵਾਲੀ ਉਸੇ ਮੀਟਿੰਗ ਵਿੱਚ ਸੁਣਾਇਆ ਜਾਵੇਗਾ।

Latest News

Latest News