ਉਦਯੋਗਪਤੀਆਂ ਨੂੰ ਸਸਤੀ ਬਿਜਲੀ ਦੇਣ ਲਈ ਸੌਰ ਪਾਰਕ ਸਥਾਪਤ ਕਰਨ ਦਾ ਐਲਾਨ
ਜੀਰਕਪੁਰ 19 ਨਵੰਬਰ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਪੱਸ਼ਟ ਐਲਾਨ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਡੇਰਾਬੱਸੀ ਹਲਕੇ ਤੋਂ ਐੱਨ.ਕੇ. ਸ਼ਰਮਾ ਹੀ ਪਾਰਟੀ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਕੁਝ ਵੀ ਹੋ ਜਾਵੇ, ਡੇਰਾਬੱਸੀ ਤੋਂ ਐੱਨ.ਕੇ. ਸ਼ਰਮਾ ਦੀ ਉਮੀਦਵਾਰੀ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ। ਗੱਠਜੋੜ ਬਾਰੇ ਉਨ੍ਹਾਂ ਭਾਵੇਂ ਕੋਈ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ ਪਰ ਕਿਹਾ ਕਿ ਲੋਕਾਂ ਨੂੰ ਜਲਦੀ ਹੀ ‘ਖੁਸ਼ਖਬਰੀ’ ਮਿਲੇਗੀ।
ਸੁਖਬੀਰ ਬਾਦਲ ਅੱਜ ਪਾਰਟੀ ਦੇ ਕੈਸ਼ੀਅਰ ਐੱਨ.ਕੇ. ਸ਼ਰਮਾ ਦੀ ਅਗਵਾਈ ਹੇਠ ਡੇਰਾਬੱਸੀ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਦਲ ਸਰਕਾਰ ਉਦਯੋਗਾਂ ਨਾਲ ਸਾਂਝੇਦਾਰੀ ਕਰਕੇ ਸੌਰ ਪਾਰਕ ਸਥਾਪਤ ਕਰੇਗੀ, ਜਿਸ ਰਾਹੀਂ ਉਦਯੋਗਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਇਸ ਯੋਜਨਾ ਵਿੱਚ ਆਪਣੀ ਲੋੜ ਅਨੁਸਾਰ ਹੀ ਨਿਵੇਸ਼ ਕਰਨਾ ਪਵੇਗਾ। ਸ਼ੁਰੂਆਤੀ ਪੜਾਅ ਵਿੱਚ ਉਦਯੋਗਿਕ ਇਕਾਈਆਂ ਨੂੰ ਰਿਆਇਤੀ ਦਰ ’ਤੇ ਬਿਜਲੀ ਦਿੱਤੀ ਜਾਵੇਗੀ ਅਤੇ ਤਿੰਨ ਸਾਲ ਬਾਅਦ ਬਿਜਲੀ ਦਾ ਬਿੱਲ ਜ਼ੀਰੋ ਕਰਨ ਦਾ ਟੀਚਾ ਹੋਵੇਗਾ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਅਗਲੀ ਅਕਾਲੀ ਦਲ ਸਰਕਾਰ ਵੱਲੋਂ ਉਦਯੋਗਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਨਵੇਂ ਭੱਠਾ ਮਾਲਕਾਂ ਨੂੰ ਸੂਬਾ ਜੀਐੱਸਟੀ ਆਪਣੇ ਕੋਲ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ, ਤਾਂ ਜੋ ਪੰਜਾਬ ਵਿੱਚ ਨਵਾਂ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ। ਉਦਯੋਗਪਤੀਆਂ ਨੇ ਦੱਸਿਆ ਕਿ ਮਹਿੰਗੀ ਬਿਜਲੀ ਅਤੇ ਹੋਰ ਖਰਚਿਆਂ ਕਾਰਨ ਉਨ੍ਹਾਂ ਦੀਆਂ ਇਕਾਈਆਂ ਦੀ ਮੁਨਾਫ਼ੇ ਦੀ ਸਮਰੱਥਾ ਲਗਾਤਾਰ ਘਟ ਰਹੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਉਦਯੋਗਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਯਤਨ ਟੈਕਸਾਂ ਵਿੱਚ ਕਟੌਤੀ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾ ਕੇ ਸੂਬੇ ਦਾ ਮਾਲੀਆ ਵਧਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੀਐੱਸਟੀ ਪ੍ਰਣਾਲੀ ਵਿੱਚ ਮੌਜੂਦ ਖਾਮੀਆਂ ਨੂੰ ਦੂਰ ਕਰਨ ਲਈ ਸੂਬਾ ਸਰਕਾਰ ਨਾਲ ਗੱਲਬਾਤ ਕਰਕੇ ਹੱਲ ਕੱਢਿਆ ਜਾਵੇਗਾ।
ਉਨ੍ਹਾਂ ਉਦਯੋਗ ਅਤੇ ਵਪਾਰ ਜਗਤ ਦੇ ਨੁਮਾਇੰਦਿਆਂ ਨੂੰ ਪੰਜਾਬ ਦੀ ਅਗਵਾਈ ਲਈ ‘ਸਹੀ ਵਿਅਕਤੀ’ ਦੀ ਚੋਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜਿਸ ਕੋਲ ਸੂਬੇ ਦੇ ਵਿਕਾਸ ਲਈ ਸਪੱਸ਼ਟ ਦ੍ਰਿਸ਼ਟੀਕੋਣ ਹੋਵੇ ਅਤੇ ਜੋ ਨਿਵੇਸ਼ ਲਿਆਉਣ ਦੇ ਸਮਰੱਥ ਹੋਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੌਰਾਨ ਲੋਕਾਂ ਤੋਂ ਦੂਰ ਰਹੇ, ਜਦਕਿ ਭਗਵੰਤ ਮਾਨ ’ਤੇ ਪ੍ਰਸ਼ਾਸਨ ਦੀ ਸਮਝ ਨਾ ਹੋਣ ਦੇ ਦੋਸ਼ ਲਗਾਏ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜ਼ਿਕਰ ਕਰਦਿਆਂ ਵੀ ਉਨ੍ਹਾਂ ਦੇ ਕਾਰਜਕਾਲ ’ਤੇ ਤਨਜ਼ ਕੀਤਾ। ਸ੍ਰੀ ਬਾਦਲ ਨੇ ਮੀਟਿੰਗ ਵਿੱਚ ਹਾਜ਼ਰ ਲੋਕਾਂ ਨੂੰ ਐੱਨ.ਕੇ. ਸ਼ਰਮਾ ਦੇ ਹੱਕ ਵਿੱਚ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਰਾਬੱਸੀ ਤੋਂ ਪਾਰਟੀ ਦਾ ਉਮੀਦਵਾਰ ਐੱਨ.ਕੇ. ਸ਼ਰਮਾ ਹੀ ਹੋਵੇਗਾ।











