ਚੰਡੀਗੜ੍ਹ, 20 ਨਵੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅਗਲੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਚੋਣ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਵਿੱਚ ਕੋਈ ਵਿਘਨ ਨਾ ਪਵੇ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਇਕੋ ਸਮੇਂ 08 ਜਨਵਰੀ ਤੋਂ 20 ਜਨਵਰੀ, 2027 ਤੱਕ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ ਲਿਖਤੀ ਪ੍ਰੀਖਿਆਵਾਂ ਹੋਣਗੀਆਂ, ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 05 ਮਾਰਚ, 2027 ਤੋਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਮਾਰਚ, 2027 ਤੋਂ ਆਰੰਭ ਹੋਣਗੀਆਂ।ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਇਸ ਸ਼ਡਿਊਲ ਵਿੱਚ ਓਪਨ ਸਕੂਲ ਪ੍ਰਣਾਲੀ ਅਧੀਨ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹਨ। ਵਿਸ਼ਾ-ਵਾਰ ਵਿਸਤ੍ਰਿਤ ਡੇਟਸ਼ੀਟ ਬੋਰਡ ਵੱਲੋਂ ਵੱਖਰੇ ਤੌਰ ‘ਤੇ ਜਾਰੀ ਕੀਤੀ ਜਾਵੇਗੀ, ਜਿਸ ਨੂੰ ਵਿਦਿਆਰਥੀ ਅਤੇ ਅਧਿਆਪਕ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ਤੋਂ ਡਾਊਨਲੋਡ ਕਰ ਸਕਣਗੇ।












