BJP ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ: ਕੇਵਲ ਢਿੱਲੋਂ

ਚੰਡੀਗੜ੍ਹ ਪੰਜਾਬ

ਸ੍ਰੀ ਅਨੰਦਪੁਰ ਸਾਹਿਬ 22 ਨਵੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਮਾਂਗੇਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਰਬਾਦੀ ਵੱਲ ਧੱਕ ਦਿੱਤਾ ਹੈ ਅਤੇ ਸੂਬੇ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਭਾਰਤੀ ਜਨਤਾ ਪਾਰਟੀ ਵੱਲ ਦੇਖ ਰਹੇ ਹਨ। ਸ. ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਬਦਹਾਲੀ ਵਰਗੀਆਂ ਸਮੱਸਿਆਵਾਂ ਗੰਭੀਰ ਚੁਣੌਤੀ ਬਣੀਆਂ ਹੋਈਆਂ ਹਨ।

ਪਾਰਟੀ ਦੀ ਚੋਣ ਤਿਆਰੀ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੂਰੇ ਸੂਬੇ ਵਿੱਚ ਆਪਣੇ ਪੱਧਰ ’ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਉਨ੍ਹਾਂ ਦਾ ਸਟੈਂਡ ਸਪਸ਼ਟ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਹੋ ਰਹੇ ਵਿਕਾਸ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਹਰਿਆਣਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਕੱਲੇ ਗੁਰੂਗ੍ਰਾਮ ਦੀ ਆਮਦਨ ਪੰਜਾਬ ਦੀ ਸਮੁੱਚੀ ਆਰਥਿਕਤਾ ਨਾਲੋਂ ਵੀ ਵੱਡੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ 24 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਕਾਨੂੰਨ-ਵਿਵਸਥਾ ਅਤੇ ਗੁਜਰਾਤ ਵਿੱਚ ਉਦਯੋਗਿਕ ਵਿਕਾਸ ਦੀਆਂ ਉਦਾਹਰਨਾਂ ਵੀ ਉਨ੍ਹਾਂ ਵੱਲੋਂ ਪੇਸ਼ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਲੋਕਾਂ ਤੋਂ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਵਿਚਾਰ ਵੀ ਪਾਰਟੀ ਲਈ ਬੇਹੱਦ ਮਹੱਤਵਪੂਰਨ ਹਨ, ਕਿਉਂਕਿ ਲੋਕਾਂ ਨਾਲ ਸਿੱਧੇ ਸੰਪਰਕ ਵਿੱਚ ਰਹਿਣ ਵਾਲੇ ਵਿਅਕਤੀਆਂ ਨੂੰ ਪੰਜਾਬ ਦੀਆਂ ਅਸਲ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਧੇਰੇ ਜਾਣਕਾਰੀ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਆਪਣੇ ਸੁਝਾਅ ਦੇਣ।

ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਯਾਤਰਾ ਕੱਢੀ ਗਈ ਅਤੇ ਇਸ ਦੌਰਾਨ ਪਾਰਟੀ ਆਗੂਆਂ ਨੇ ਮਾਲਵੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਲੋਕਾਂ ਨੇ ਇਸ ਮੁਹਿੰਮ ਦਾ ਸਵਾਗਤ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚਿੰਤਾ ਹੈ ਕਿ ਜੇਕਰ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਪ੍ਰਭਾਵਿਤ ਹੋਵੇਗਾ।

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵੱਲੋਂ ਨਜ਼ਦੀਕੀ ਪਿੰਡ ਮਾਂਗੇਵਾਲ ਵਿਖੇ ਨਵਾਂ ਘਰ ਬਣਾਇਆ ਗਿਆ ਹੈ, ਜਿਸ ਦੀ ਚੱਠ ਮੌਕੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਇੱਥੇ ਪੁੱਜੇ ਸਨ।

Latest News

Latest News