ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਨੈਸ਼ਨਲ ਪੰਜਾਬ

ਗੁਰੂ ਨਾਨਕ ਦੇਵ ਜੀ ਨੇ ਹਨੇਰੇ ਵਿੱਚ ਘਿਰੀ ਮਨੁੱਖਤਾ ਨੂੰ ਸੱਚ ਦਾ ਮਾਰਗ ਵਿਖਾਇਆ: ਕਾਲਕਾ, ਕਾਹਲੋਂ

ਨਵੀਂ ਦਿੱਲੀ, 23 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ। ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੇ ਜੱਥਿਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਗੁਰੂ ਕੀਆਂ ਲਾਡੀਆਂ ਫੌਜਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਗਏ। ਸੰਗਤਾਂ ਦੀ ਵੱਡੀ ਹਾਜ਼ਰੀ ਅਤੇ ਸ਼ਰਧਾ ਕਾਰਨ ਨਗਰ ਕੀਰਤਨ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਵੀ ਹਨੇਰੇ ਵਿੱਚ ਘਿਰੀ ਮਨੁੱਖਤਾ ਨੂੰ ਸੱਚ, ਬਰਾਬਰੀ ਅਤੇ ਸਾਂਝੀਵਾਲਤਾ ਦਾ ਮਾਰਗ ਵਿਖਾਇਆ। ਗੁਰੂ ਸਾਹਿਬ ਨੇ ਕਰਮਕਾਂਡਾਂ ਅਤੇ ਸਮਾਜਿਕ ਵੰਡਾਂ ਦਾ ਖੰਡਨ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਇੱਕੋ ਜੋਤ ਅਤੇ ਇੱਕੋ ਨੂਰ ਤੋਂ ਪੈਦਾ ਹੋਇਆ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜ਼ਾਬਰ ਸ਼ਾਸਕ ਬਾਬਰ ਦੇ ਜ਼ੁਲਮਾਂ ​​ਦੀ ਨਿੰਦਾ ਕਰਕੇ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਅਤੇ ਔਰਤਾਂ ਨੂੰ ਸਤਿਕਾਰ ਦੇਣ ਦਾ ਸੰਦੇਸ਼ ਵੀ ਸਮੁੱਚੀ ਦੁਨੀਆ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ ਅਤੇ ਇਨ੍ਹਾਂ ’ਤੇ ਚੱਲ ਕੇ ਹੀ ਸਮਾਜ ਵਿੱਚ ਸੱਚ, ਪਿਆਰ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ​​ਕੀਤੀ ਜਾ ਸਕਦੀ ਹੈ।

Latest News

Latest News