ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ: ਮਨਪ੍ਰੀਤ ਸਿੰਘ ਇਯਾਲੀ

ਚੰਡੀਗੜ੍ਹ ਪੰਜਾਬ

ਇੱਕ ਚੁਣੇ ਹੋਏ ਨੁਮਾਇੰਦੇ ਨਾਲ ਵਿਤਕਰਾ ਨਹੀਂ ਹੋ ਸਕਦਾ,ਪੰਜਾਬ ਅਤੇ ਸਿੱਖ ਕੌਮ ਦੇ ਮਸਲਿਆਂ ਨੂੰ ਉਠਾਉਣ ਲਈ ਲਾਜ਼ਮੀ ਤੌਰ ਤੇ ਇਜਾਜ਼ਤ ਮਿਲੇ

ਚੰਡੀਗੜ 27 ਨਵੰਬਰ ,ਬੋਲੇ ਪੰਜਾਬ ਬਿਊਰੋ;

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਖਾਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ, ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਸੰਸਦ ਵਿੱਚ ਉਠਾ ਸਕਣ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇਹ ਬੇਹੱਦ ਹੈਰਾਨੀ ਅਤੇ ਅਫ਼ਸੋਸ ਦੀ ਗੱਲ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਅਤੇ ਖਾਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ, ਪਰ ਇਸ ਦੇ ਬਾਵਜੂਦ ਉਹ ਅੱਜ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸੰਸਦ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਐੱਮਪੀ ਲੈਡ ਫੰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਖਮਿਆਜ਼ਾ ਖਡੂਰ ਸਾਹਿਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਸੰਸਦ ਮੈਂਬਰ ਚੁਣਿਆ ਹੈ। ਹਲਕੇ ਦੇ ਲੋਕਾਂ ਦੇ ਵਿਕਾਸ ਕਾਰਜ, ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਸਦ ਤੱਕ ਪਹੁੰਚਣੀਆਂ ਚਾਹੀਦੀਆਂ ਹਨ, ਪਰ ਆਪਣੇ ਚੁਣੇ ਹੋਏ ਨੁਮਾਇੰਦੇ ਦੀ ਗੈਰ-ਮੌਜੂਦਗੀ ਕਾਰਨ ਉਨ੍ਹਾਂ ਦੀ ਆਵਾਜ਼ ਸੰਸਦ ਵਿੱਚ ਨਹੀਂ ਪਹੁੰਚ ਰਹੀ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ‘ਤੇ ਝੂਠੇ ਅਤੇ ਬੇਬੁਨਿਆਦ ਤਰੀਕੇ ਨਾਲ ਲਗਾਏ ਗਏ ਐੱਨ.ਐੱਸ.ਏ. ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ, ਤਰੱਕੀ, ਅਨਾਜ ਭੰਡਾਰ ਅਤੇ ਸਰਹੱਦਾਂ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਕਾਰਗਿਲ ਵਰਗੀਆਂ ਜੰਗਾਂ ਵਿੱਚ ਵੀ ਸਿੱਖ ਫ਼ੌਜੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਦੇ ਬਾਵਜੂਦ ਪੰਜਾਬ ਅਤੇ ਸਿੱਖ ਕੌਮ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾਣਾ ਬੇਹੱਦ ਮੰਦਭਾਗਾ ਹੈ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਵਿੱਚ ਆਪਣੇ ਹਲਕੇ ਦੇ ਵਿਕਾਸ, ਪੰਜਾਬ ਦੇ ਹੱਕਾਂ, ਸਿੱਖ ਕੌਮ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦੇ ਉਠਾਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਅਤੇ ਖਾਡੂਰ ਸਾਹਿਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

Latest News

Latest News