ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ;
ਮਾਨਸਾ ਜ਼ਿਲ੍ਹੇ ਦੀ ਬੁਢਲਾਡਾ ਵਿਧਾਨ ਸਭਾ ਸੀਟ ਨਾਲ ਜੁੜੀ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਡਾ. ਨਿਸ਼ਾਨ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਡਾ. ਨਿਸ਼ਾਨ ਸਿੰਘ ਨੇ ਕਾਂਗਰਸ ਦਾ ਹੱਥ ਫੜਿਆ।
ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਡਾ. ਨਿਸ਼ਾਨ ਸਿੰਘ ਨੂੰ ਉਮੀਦ ਸੀ ਕਿ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਜਾਵੇਗੀ, ਪਰ ਟਿਕਟ ਨੂੰ ਲੈ ਕੇ ਗੱਲ ਨਾ ਬਣਨ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।
ਡਾ. ਨਿਸ਼ਾਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬੁਢਲਾਡਾ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸਿਆਸੀ ਹਲਕਿਆਂ ਵਿੱਚ ਉਨ੍ਹਾਂ ਨੂੰ ਕਾਂਗਰਸ ਵੱਲੋਂ ਸੰਭਾਵੀ ਉਮੀਦਵਾਰ ਬਣਾਏ ਜਾਣ ਨੂੰ ਲੈ ਕੇ ਵੀ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਫਿਲਹਾਲ ਕਾਂਗਰਸ ਵੱਲੋਂ ਡਾ. ਨਿਸ਼ਾਨ ਸਿੰਘ ਦੀ ਉਮੀਦਵਾਰੀ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।












