ਅੰਮ੍ਰਿਤਸਰ 27 ਨਵੰਬਰ ,ਬੋਲੇ ਪੰਜਾਬ ਬਿਊਰੋ;
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਲਈ ਅਹਿਮ ਸੂਚਨਾ ਜਾਰੀ ਕੀਤੀ ਗਈ ਹੈ। ਯੂਨੀਵਰਸਿਟੀ ਨੇ 28 ਨਵੰਬਰ 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਯੂਨੀਵਰਸਿਟੀ ਨਾਲ ਸਬੰਧਤ ਮਾਨਤਾ ਪ੍ਰਾਪਤ ਕਾਲਜਾਂ, ਸੰਵਿਧਾਨਕ ਸੰਸਥਾਵਾਂ, ਸਹਿਯੋਗੀ ਕਾਲਜਾਂ ਅਤੇ ਨਿੱਜੀ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਪ੍ਰੀਖਿਆਵਾਂ ਵਿਭਾਗ ਦੇਪ੍ਰੋਫੈਸਰ ਇੰਚਾਰਜ ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਨੂੰ ਧਿਆਨ ਵਿੱਚ ਰੱਖਦਿਆਂ 28 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਅੱਗੇ ਪਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਫੈਸਲਾ ਸਬੰਧਤ ਸਾਰੀਆਂ ਸ਼੍ਰੇਣੀਆਂ ਦੇ ਪ੍ਰੀਖਿਆਰਥੀਆਂ ’ਤੇ ਲਾਗੂ ਹੋਵੇਗਾ। ਯੂਨੀਵਰਸਿਟੀ ਵੱਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਸਾਰੀਆਂ ਪ੍ਰੀਖਿਆਵਾਂ ਹੁਣ 6 ਦਸੰਬਰ 2026 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ। ਵਿਦਿਆਰਥੀਆਂ ਲਈ ਰਾਹਤ ਵਾਲੀ ਗੱਲ ਇਹ ਹੈਕਿ ਨਵੀਂ ਮਿਤੀ ’ਤੇ ਪ੍ਰੀਖਿਆਵਾਂ ਦਾ ਸਮਾਂ ਅਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਇਸ ਲਈ ਪ੍ਰੀਖਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰ ਜਾਂ ਸਮੇਂ ਵਿੱਚ ਕਿਸੇ ਤਬਦੀਲੀ ਦੀ ਲੋੜ ਨਹੀਂ ਹੋਵੇਗੀ।
ਯੂਨੀਵਰਸਿਟੀ ਪ੍ਰਸ਼ਾਸਨ ਨੇ ਸਾਰੇ ਸਬੰਧਤ ਵਿਦਿਆਰਥੀਆਂ ਅਤੇ ਨਿੱਜੀ ਪ੍ਰੀਖਿਆਰਥੀਆਂ ਨੂੰ ਇਸ ਤਬਦੀਲੀ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਉਲਝਣ ਜਾਂ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਪ੍ਰੀਖਿਆਵਾਂ ਸਬੰਧੀ ਹੋਰ ਜਾਣਕਾਰੀ ਅਤੇ ਅਧਿਕਾਰਤ ਸੂਚਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਉਪਲਬਧ ਹੋਵੇਗੀ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈਕਿ ਉਹ ਸਮੇਂ-ਸਮੇਂ’ਤੇ ਯੂਨੀਵਰਸਿਟੀ ਦੀ ਵੈੱਬਸਾਈਟ ਦੀ ਜਾਂਚ ਕਰਦੇ ਰਹਿਣ, ਤਾਂ ਜੋ ਪ੍ਰੀਖਿਆਵਾਂ ਸਬੰਧੀ ਕਿਸੇਵੀ ਨਵੀਂ ਜਾਣਕਾਰੀ ਤੋਂ ਜਾਣੂ ਰਹਿ ਸਕਣ।












