ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਮਿਲੀ ਜ਼ਮਾਨਤ
ਲੁਧਿਆਣਾ, 6 ਮਾਰਚ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸ਼ਾਮ ਨੂੰ ਬਿੱਟੂ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।ਰਿਹਾਈ ਤੋਂ ਬਾਅਦ ਜਦੋਂ ਬਿੱਟੂ ਲੁਧਿਆਣਾ ਪੁੱਜੇ ਤਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਅੱਜ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ।
ਦੱਸ ਦੇਈਏ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਬਿੱਟੂ, ਆਸ਼ੂ, ਲੁਧਿਆਣਾ ਕਾਂਗਰਸ ਪ੍ਰਧਾਨ ਸੰਜੇ ਤਲਵਾਰ ਅਤੇ ਸ਼ਾਮ ਸੁੰਦਰ ਮਲਹੋਤਰਾ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਆਪਣੀ ਗ੍ਰਿਫਤਾਰੀ ਦਿੱਤੀ ਸੀ। 27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲੀਸ ਨੇ ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ।















