ਪੰਜਾਬ ਭਰ ਦੇ ਬੱਸ ਅੱਡੇ ਅੱਜ ਦੋ ਘੰਟੇ ਰਹਿਣਗੇ ਬੰਦ
ਜਲੰਧਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਭਰ ਦੇ ਬੱਸ ਅੱਡੇ ਅੱਜ 10 ਤੋਂ 12 ਵਜੇ ਤੱਕ ਦੋ ਘੰਟੇ ਬੰਦ ਰਹਿਣਗੇ। ਦਰਅਸਲ ਪਨਬੱਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੰਮੇ ਸਮੇਂ ਤੋਂ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਜਨਤਕ ਹੋ ਰਹੀਆਂ ਹਨ, ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣੀ ਸੀ, ਜਿਸ ਨੂੰ ਲੈ ਕੇ ਉਹ ਉਤਸ਼ਾਹਿਤ ਸਨ, ਪਰ ਟਰਾਂਸਪੋਰਟ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਜਿਸ ਕਾਰਨ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਯੂਨੀਅਨ ਨੂੰ ਹਨੇਰੇ ਵਿੱਚ ਰੱਖਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਲਟਕਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਯੂਨੀਅਨ ਵਿੱਚ ਰੋਸ ਵਧਦਾ ਜਾ ਰਿਹਾ ਹੈ।












