ਫਰੀਦਕੋਟ, 12 ਦਸੰਬਰ,ਬੋਲੇ ਪੰਜਾਬ ਬਿਊਰੋ :
ਫਰੀਦਕੋਟ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਇੱਕ ਮਾਮਲੇ ਵਿੱਚ 23 ਸਾਲਾ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਵਿਆਹ ਦਾ ਝਾਂਸਾ ਦੇ ਕੇ 15 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਹੈ।ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਦੇਣ ਦਾ ਹੁਕਮ ਕੀਤਾ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ 3 ਮਹੀਨੇ ਵਾਧੂ ਕੈਦ ਭੁਗਤਣੀ ਪਵੇਗੀ।
ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ 16 ਜਨਵਰੀ 2022 ਦਾ ਹੈ ਜਦੋਂ ਜੈਤੋ ਤਹਿਸੀਲ ਦੇ ਪਿੰਡ ਨਵਾਂ ਰੋੜੀਕਪੂਰਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਵਿਰੁੱਧ ਥਾਣਾ ਜੈਤੋ ਵਿੱਚ ਇੱਕ ਸ਼ਿਕਾਇਤ ਦਰਜ ਹੋਈ ਸੀ। ਦੋਸ਼ ਸੀ ਕਿ ਉਨ੍ਹਾਂ ਨੇ 15 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਧਮਕੀਆਂ ਵੀ ਦਿੱਤੀਆਂ।
ਵਿਸ਼ੇਸ਼ ਸੈਸ਼ਨ ਜੱਜ ਨਵਜੋਤ ਕੌਰ ਨੇ ਦਲੀਲਾਂ ਅਤੇ ਸਬੂਤਾਂ ਦੇ ਆਧਾਰ ’ਤੇ ਗੁਰਵਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਪੀੜਿਤ ਨੂੰ ਮੁਆਵਜ਼ੇ ਵਜੋਂ 4 ਲੱਖ ਰੁਪਏ ਦੇਣ ਦਾ ਹੁਕਮ ਜਾਰੀ ਕੀਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਇਸ ਸੰਬੰਧੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ।












