ਖਨੌਰੀ, 14 ਦਸੰਬਰ,ਬੋਲੇ ਪੰਜਾਬ ਬਿਊਰੋ :
ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਅੱਜ 18ਵਾਂ ਦਿਨ ਸੀ। ਦੇਰ ਰਾਤ ਉਹਨਾਂ ਨੂੰ ਮਿਲਣ ਲਈ ਪ੍ਰਸਿੱਧ ਗਾਇਕ ਬੱਬੂ ਮਾਨ, ਫਿਲਮ ਡਾਇਰੈਕਟਰ ਅਮਿਤੋਜ ਮਾਨ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਨੌਜਵਾਨਾਂ ਸਮੇਤ ਖਨੌਰੀ ਬਾਰਡਰ ਪਹੁੰਚੇ। ਇਸ ਦੌਰਾਨ ਤਿੰਨਾਂ ਨੇ ਕੇਂਦਰ ਸਰਕਾਰ ਤੇ ਤਿੱਖੇ ਨਿਸ਼ਾਨੇ ਲਾਏ।
ਉਹਨਾਂ ਪੰਜਾਬ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਗੂੰਗਾ ਕਰਾਰ ਦਿੰਦਿਆਂ ਕਿਹਾ ਕਿ ਘੱਟੋ ਘੱਟ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਤਾਂ ਲੋਕ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਆਪਣੀ ਆਵਾਜ਼ ਉਠਾਉਣ। ਕਿਉਂਕਿ ਠੰਢੀਆਂ ਰਾਤਾਂ ਵਿੱਚ ਇੱਕ ਬਜ਼ੁਰਗ ਕਿਸਾਨ ਆਗੂ ਕਿਸਾਨੀ ਮੰਗਾਂ ਲਈ ਮਰਨ ਵਰਤ ਤੇ ਬੈਠਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਪਤਾ ਨਹੀਂ ਕੀ ਸੱਪ ਸੁੰਘ ਗਿਆ ਹੈ ਜੋ ਖਾਮੋਸ਼ ਹਨ। ਗਾਇਕ ਬੱਬੂ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਬਾਕੀ ਕਿਸਾਨ ਜਥੇਬੰਦੀਆਂ ਜੋ ਅਜੇ ਤੱਕ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਨਹੀਂ ਹੋਈਆਂ।ਉਹਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ ਜਿੱਦ ਛੱਡ ਕੇ ਡੱਲੇਵਾਲ ਸਾਬ ਦੇ ਨਾਲ ਖੜਨਾ ਚਾਹੀਦਾ ਹੈ। ਕਿਉਂਕਿ ਸਾਡੀਆਂ ਕਿਸਾਨਾਂ ਦੀਆਂ ਮੰਗਾਂ ਇੱਕ ਹਨ। ਉਹਨਾਂ ਸਾਰੇ ਗਾਇਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਅੰਦੋਲਨ ਦਾ ਹਿੱਸਾ ਬਣਨ ਕਿਉਂਕਿ ਅੰਦੋਲਨ ਬਿਲਕੁਲ ਸ਼ਾਂਤ ਨਾਲ ਸ਼ਾਂਤਮਈ ਤਰੀਕੇ ਨਾਲ ਲੜਿਆ ਜਾ ਰਿਹਾ ਹੈ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨੀ ਮੰਗਾਂ ਨੂੰ ਮੰਨ ਕੇ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਇਆ ਜਾਵੇ।












