ਅੰਮ੍ਰਿਤਸਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :
ਗਣਤੰਤਰ ਦਿਵਸ ਵਾਲੇ ਦਿਨ ਇੱਕ ਨੌਜਵਾਨ ਨੇ ਥਾਣੇ ਤੋਂ 150 ਕਦਮਾਂ ਦੀ ਦੂਰੀ ’ਤੇ ਸਥਿਤ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਨਾਲ ਵਾਰ ਕਰ ਦਿੱਤਾ ਅਤੇ ਉੱਥੇ ਬਣੀ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾ ਦਿੱਤੀ। ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਨ੍ਹਾਂ ਨੇ ਨੌਜਵਾਨ ਨੂੰ ਫੜ ਲਿਆ। ਮਾਮਲਾ ਵਧਣ ‘ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਐਸਸੀ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਧਰਨਾ ਲਗਾ ਦਿੱਤਾ। ਇਸ ਘਟਨਾ ਤੋਂ ਬਾਅਦ ਐਸਸੀ ਭਾਈਚਾਰੇ ਵਿੱਚ ਭਾਰੀ ਰੋਸ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਏਆਈਜੀ ਜੇਐਸ ਵਾਲੀਆ, ਏਡੀਸੀਪੀ ਵਿਸ਼ਾਲਜੀਤ ਸਿੰਘ, ਏਸੀਪੀ ਜਸਪਾਲ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।ਇਸ ਘਟਨਾ ਦੀ ਸੂਚਨਾ ਜਿਵੇਂ ਹੀ ਸ਼ਹਿਰ ਵਿੱਚ ਫੈਲੀ ਤਾਂ ਉਕਤ ਸਮਾਜ ਦੇ ਲੋਕ ਇਕੱਠੇ ਹੋ ਗਏ ਅਤੇ ਹਾਲ ਗੇਟ ਦੇ ਬਾਹਰ ਚਾਰੇ ਪਾਸਿਓਂ ਸੜਕ ਜਾਮ ਕਰ ਦਿੱਤੀ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ।












