ਸਮਾਣਾ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪਿੰਡ ਧਨੇਠਾ ਨੇੜਿਓਂ ਲੰਘਦੀ ਭਾਖੜਾ ਨਹਿਰ ਵਿੱਚੋਂ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।
ਜਾਂਚ ਅਧਿਕਾਰੀ ਸਦਰ ਥਾਣਾ ਦੇ ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਿੰਦਰ ਸਿੰਘ (33) ਪੁੱਤਰ ਰਾਮਸਵਰੂਪ ਸਿੰਘ ਵਾਸੀ ਪਿੰਡ ਕਾਹਨਗੜ੍ਹ ਭੂਤਨਾ ਦੇ ਭਰਾ ਸੁਖਵਿੰਦਰ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਅਨੁਸਾਰ ਪਰਮਿੰਦਰ ਸਿੰਘ ਜੋ ਕਿ ਮਿਸਤਰੀ ਦਾ ਕੰਮ ਕਰਦਾ ਸੀ, ਮਾਨਸਿਕ ਰੋਗ ਤੋਂ ਪੀੜਤ ਸੀ। ਬਹੁਤ ਜ਼ਿਆਦਾ ਸ਼ਰਾਬ ਪੀ ਕੇ ਉਹ ਹਮਲਾਵਰ ਹੋ ਜਾਂਦਾ ਸੀ। ਇਸੇ ਤਰ੍ਹਾਂ ਉਸ ਨੇ ਇਕ ਵਾਰ ਆਪਣੇ ਆਪ ਨੂੰ ਅੱਗ ਲਗਾ ਕੇ ਬੁਰੀ ਤਰ੍ਹਾਂ ਝੁਲਸ ਲਿਆ ਸੀ। ਤਿੰਨ ਦਿਨ ਪਹਿਲਾਂ ਉਸ ਦੇ ਘਰੋਂ ਲਾਪਤਾ ਹੋਣ ਬਾਰੇ ਉਸ ਦੇ ਪਰਿਵਾਰ ਵੱਲੋਂ ਪੁਲੀਸ ਨੂੰ ਸੂਚਿਤ ਕਰਨ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ ਸੀ।ਸ਼ੰਕਰ ਭਾਰਦਵਾਜ ਦੀ ਅਗਵਾਈ ਹੇਠ ਗੋਤਾਖੋਰਾਂ ਦੀ ਟੀਮ ਨੂੰ ਬੀਤੇ ਦਿਨੀ ਧਨੇਠਾ ਪਿੰਡ ਵਿੱਚੋਂ ਲੰਘਦੀ ਭਾਖੜਾ ਨਹਿਰ ਵਿੱਚ ਤੈਰਦੀ ਲਾਸ਼ ਮਿਲਣ ਮਗਰੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਲਾਸ਼ ‘ਤੇ ਜਲੇ ਦੇ ਨਿਸ਼ਾਨ ਹੋਣ ਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਸ਼ਨਾਖਤ ਕੀਤੀ। ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 194 ਦੇ ਤਹਿਤ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।












