ਹਰਜੀਤ ਗਰੇਵਾਲ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ

ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ ;

ਅੰਮ੍ਰਿਤਸਰ ਦੇ ਮਜੀਠਾ ਵਿਧਾਨਸਭਾ ਹਲਕੇ ਦੇ ਪਿੰਡਾਂ ਭੰਗਾਲੀ ਕਲਾਂ, ਮਰਾੜੀ ਕਲਾਂ ਅਤੇ ਜੈਅੰਤੀਪੁਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਅਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਇੱਕ ਅਜਿਹੀ ਤਸਵੀਰ ਹੈ ਜੋ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਦਾਅਵਿਆਂ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਘਟਨਾ ਤੋਂ ਬਾਅਦ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਇਸ ਪਿੱਛੇ ਵੱਡੇ ਲੋਕ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਜ਼ਹਿਰੀਲੀ ਸ਼ਰਾਬ ਕਾਰਨ ਲੋਕਾਂ ਦੀ ਜਾਨ ਗਈ ਹੋਵੇ, ਇਸ ਤੋਂ ਪਹਿਲਾਂ ਵੀ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਦਰਜਨਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕੁਝ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ ਸੀ।

ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ 2023-24 ਵਿੱਚ ਭਗਵੰਤ ਮਾਨ ਨੇ ਸ਼ਰਾਬ ਦੀਆਂ 20 ਲੱਖ ਪੇਟੀਆਂ ਵੇਚੀਆਂ ਸਨ, ਜਦੋਂ ਕਿ 2024-25 ਵਿੱਚ ਇਹ ਵੱਧ ਕੇ 95 ਲੱਖ ਪੇਟੀਆਂ ਹੋ ਗਈਆਂ ਹਨ। ਗਰੇਵਾਲ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਸਵਾਲ ਕੀਤਾ ਕੀ ਕਿ ਸਿਰਫ਼ ਚਿੱਟਾ ਹੀ ਨਸ਼ਾ ਹੁੰਦਾ ਹੈ, ਕੀ ਸ਼ਰਾਬ ਨਸ਼ਾ ਨਹੀਂ ਹੈ? ਜਿਸਦੀ ਵਿਕਰੀ ਭਗਵੰਤ ਮਾਨ ਸਰਕਾਰ ਵੱਲੋਂ 5 ਗੁਣਾ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 12 ਕਰੋੜ ਤੋਂ ਵੱਧ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਇਸ ਸਾਲ ਵੇਚੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਸ਼ਰਾਬ ਮਾਫੀਆ ਦੀ ਰਖਵਾਲੀ ਹੈ। ਕੇਜਰੀਵਾਲ, ਸਿਸੋਦੀਆ ਅਤੇ ਦਿੱਲੀ ਸਰਕਾਰ ਦੇ ਹੋਰ ਮੰਤਰੀ, ਜੋ ਦਿੱਲੀ ਦੇ ਸ਼ਰਾਬ ਨੀਤੀ ਘੁਟਾਲੇ ਵਿੱਚ ਜੇਲ੍ਹ ਗਏ ਸਨ ਅਤੇ ਹੁਣ ਜ਼ਮਾਨਤ 'ਤੇ ਬਾਹਰ ਹਨ, ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਠਪੁਤਲੀਆਂ ਵਾਂਗ ਨਚਾ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਵਰਤੋਂ ਕਰਕੇ ਪੰਜਾਬ ਵਿੱਚ ਮੌਜ-ਮਸਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਝੂਠੇ ਦਾਅਵੇ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਉਨ੍ਹਾਂ ਦੇ ਹਰ ਝੂਠ ਦਾ ਜਵਾਬ ਦੇਣ ਲਈ ਸਮੇਂ ਦੀ ਉਡੀਕ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।