ਮੁਕੇਰੀਆਂ, 18 ਮਈ,ਬੋਲੇ ਪੰਜਾਬ ਬਿਊਰੋ ;
ਸ਼ਹਿਰ ‘ਚ ਭੰਗਾਲਾ ਚੁੰਗੀ ਇਲਾਕੇ ‘ਚ ਬੀਤੀ ਦੇਰ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਧੀ ਗੰਭੀਰ ਜ਼ਖਮੀ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਸਨੇਹੜਾ ਦੀ ਰਹਿਣ ਵਾਲੀ ਕੁਲਵਿੰਦਰ ਕੌਰ, ਜੋ ਕਿ ਆਪਣੇ ਪੇਕੇ ਪਿੰਡ ਬੋਹੜਾਂ ਮਾਂ ਤਰਸੇਮ ਕੌਰ ਨੂੰ ਛੱਡਣ ਜਾ ਰਹੀ ਸੀ, ਉਹ ਐਕਟਿਵਾ ‘ਤੇ ਸਵਾਰ ਸਨ। ਜਿਵੇਂ ਹੀ ਉਹ ਮੁਕੇਰੀਆਂ ਦੇ ਮੱਲੀ ਢਾਬੇ ਕੋਲ ਪਹੁੰਚੀਆਂ, ਉਥੇ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰੀ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਮਾਂ ਤਰਸੇਮ ਕੌਰ ਦੀ ਹਾਦਸੇ ਵਾਲੀ ਥਾਂ ’ਤੇ ਹੀ ਮੌਤ ਹੋ ਗਈ। ਕੁਲਵਿੰਦਰ ਕੌਰ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਜਲੰਧਰ ਰੈਫਰ ਕਰ ਦਿੱਤਾ।
ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਹੈ। ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਡਰਾਈਵਰ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।












