ਗੁਰਦਾਸਪੁਰ, 6 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕਿਹਾ ਗਿਆ ਕਿ 23 ਅਪ੍ਰੈਲ ਨੂੰ ਸਥਾਨਕ ਸੀਨੀਅਰ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਆਰਜ਼ੀ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਨਹੀਂ ਕੀਤਾ।
ਮੀਟਿੰਗ ਤੋਂ ਬਾਅਦ ਯੂਨੀਅਨ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਲੰਬੇ ਸਮੇਂ ਤੋਂ ਜਲ ਸਪਲਾਈ ਬੋਰਡ ਵਿੱਚ ਕੰਮ ਕਰ ਰਹੇ ਆਰਜ਼ੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ, ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਕਰਨ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀਆਂ ਮੰਗਾਂ ਕੀਤੀਆਂ ਗਈਆਂ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਹੀਂ ਦਿੱਤਾ ਤਾਂ 10 ਜੂਨ ਨੂੰ ਸਟੇਟ ਕਮੇਟੀ ਦੇ ਸੱਦੇ ‘ਤੇ ਕੱਚੇ ਮੁਲਾਜ਼ਮ ਇੱਕ ਦਿਨ ਦੀ ਪ੍ਰਤੀਕਾਤਮਕ ਹੜਤਾਲ ਕਰਨਗੇ। ਇਸ ਮੌਕੇ ਅਨੂਪ ਸਿੰਘ, ਅਜੇ ਕੁਮਾਰ, ਰਛਪਾਲ ਸਿੰਘ, ਰਮਨਦੀਪ, ਵਿਮਲ ਕੁਮਾਰ, ਅਜੇ ਸੈਣੀ, ਲਖਬੀਰ ਸਿੰਘ, ਰਮਨ ਮਸੀਹ, ਪੀਟਰ ਆਦਿ ਹਾਜ਼ਰ ਸਨ।












