ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਊਰੋ;
ਲੁਧਿਆਣਾ ਪੱਛਮੀ ਉਪ ਚੋਣ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਹੋਰ ਵੀ ਗਰਮਾ ਗਈ ਹੈ। ਹਾਰ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਅਤੇ ਕਿੱਕੀ ਢਿੱਲੋਂ ਨੇ ਮੀਤ ਪ੍ਰਧਾਨ ਦੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇਸ ਤੋਂ ਪਹਿਲਾਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਵੀ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਾਣਕਾਰੀ ਅਨੁਸਾਰ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਆਪਣੇ ਅਸਤੀਫ਼ੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੂੰ ਭੇਜ ਦਿੱਤੇ ਹਨ।
ਫਿਲਹਾਲ ਇਸ ਮੁੱਦੇ ‘ਤੇ ਕਿਸੇ ਵੀ ਕਾਂਗਰਸੀ ਆਗੂ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ ਅਤੇ ਉਨ੍ਹਾਂ ਨੇ ਈਮੇਲ ਰਾਹੀਂ ਆਪਣਾ ਅਸਤੀਫ਼ਾ ਭੇਜਿਆ ਹੈ।












