ਚੰਡੀਗੜ੍ਹ, 11 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਇਸਦੇ ਆਗੂਆਂ ਵਿਰੁੱਧ ਗੰਭੀਰ ਸ਼ਿਕਾਇਤ ਦਰਜ ਕਰਵਾਈ ਹੈ। ਬਾਜਵਾ ਨੇ ਚੰਡੀਗੜ੍ਹ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਗਾਇਆ ਕਿ ‘ਆਪ’ ਆਗੂਆਂ ਅਤੇ ਉਨ੍ਹਾਂ ਦੇ “ਕਾਰਕੁਨਾਂ ” ਨੇ ਉਨ੍ਹਾਂ ਦੀ ਵੀਡੀਓ ਨੂੰ ਗਲਤ ਸੰਦਰਭ ਵਿੱਚ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ, ਜਿਸ ਨਾਲ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ।
ਇਸ ਸਬੰਧ ਵਿੱਚ ਚੰਡੀਗੜ੍ਹ ਪੁਲਿਸ ਨੇ ਵੀਰਵਾਰ (11 ਜੁਲਾਈ) ਨੂੰ ਸੈਕਟਰ-3 ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਹੈ। ਦੋਵਾਂ ਮੰਤਰੀਆਂ ‘ਤੇ ਸੱਤਾ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਮਾਮਲੇ ਵਿੱਚ, ਚੰਡੀਗੜ੍ਹ ਪੁਲਿਸ ਨੇ ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਮੰਤਰੀ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਐਫਆਈਆਰ ਦਰਜ ਕੀਤੀ ਹੈ।












