ਐੱਸ.ਏ.ਐੱਸ. ਨਗਰ 16 ਜੁਲਾਈ ,ਬੋਲੇ ਪੰਜਾਬ ਬਿਊਰੋ’
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਨਰੰਗ ਸਿੰਘ ਜੀ ਮਲੇਰਕੋਟਲੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਭਾਈ ਤਾਰੂ ਸਿੰਘ ਜੀ ਦੁਆਰਾ ਧਰਮ ਦੀ ਖਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਇ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ । ਭਾਈ ਇੰਦਰਜੀਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਤਰਨ ਨਾਲ ਇਲਾਹੀ ਬਾਣੀ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਸੇਵਕ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾ ਰਾਹੀ ਸੰਗਤਾਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਰਮਿੰਦਰ ਸਿੰਘ ਜੀ ਸਮਰਾਲੇ ਵਾਲੇ, ਭਾਈ ਹਰਵਿੰਦਰ ਸਿੰਘ ਜੀ, ਭਾਈ ਕੁਲਵੰਤ ਸਿੰਘ ਜੀ, ਭਾਈ ਪਰਮਜੀਤ ਸਿੰਘ ਜੀ, ਭਾਈ ਅੰਮ੍ਰਿਤਪਾਲ ਸਿੰਘ, ਮਿੱਤਰ ਪਿਆਰੇ ਨੂੰ ਕਵੀਸ਼ਰੀ ਜੱਥਾ, ਭਾਈ ਹਰਪ੍ਰੀਤ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸੰਗਰਾਂਦ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਆਉਣ ਵਾਲੀ ਮਿਤੀ 20 ਜੁਲਾਈ ਨੂੰ
ਬਾਲਾ ਪ੍ਰੀਤਮ ਅੱਠਵੇਂ ਪਾਤਸਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ, ਇੰਨਟਰਨੈਸ਼ਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।












