ਗੁਰਦਾਸਪੁਰ, 20 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ, ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ 1.75 ਕਰੋੜ ਰੁਪਏ ਦੀ ਲਾਗਤ ਨਾਲ 7 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਵਿੱਚੋਂ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਤੋਂ ਸ਼ੁਰੂ ਹੋ ਗਿਆ ਹੈ।
ਗੀਤਾ ਭਵਨ, ਅੱਖਾਂ ਦਾ ਹਸਪਤਾਲ (ਸਰਕਾਰੀ ਆਈ.ਟੀ.ਆਈ. ਦੇ ਨੇੜੇ), ਪੀ.ਐਚ.ਸੀ. ਘੁਰਾਲਾ ਅਤੇ ਕਮਿਊਨਿਟੀ ਹਾਲ ਨਬੀਪੁਰ ਵਿਖੇ ਬਣਾਏ ਜਾਣ ਵਾਲੇ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਦੇ ਹੋਏ, ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਦੀ ਉਸਾਰੀ ‘ਤੇ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਕੁੱਲ 7 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ ਚਾਰ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਬਾਕੀ ਤਿੰਨ ਆਮ ਆਦਮੀ ਕਲੀਨਿਕ ਬੱਸ ਸਟੈਂਡ, ਕੋਰਟ ਕੰਪਲੈਕਸ ਅਤੇ ਬਾਬੋਵਾਲ ਵਿਖੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ 7 ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦੀ ਕੁੱਲ ਲਾਗਤ 1.75 ਕਰੋੜ ਰੁਪਏ ਹੋਵੇਗੀ।












