ਗ੍ਰਿਫ਼ਤਾਰ ਲੋਕਾਂ ਨੂੰ ਫੌਰੀ ਰਿਹਾ ਕਰਨ ਦੀ ਮੰਗ
ਸੰਗਰੂਰ,26 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);
ਜ਼ਮੀਨੀਂ ਘੋਲ਼ ਦਰਮਿਆਨ ਗ੍ਰਿਫ਼ਤਾਰ ਕੀਤੇ ਆਗੂਆਂ ਤੇ ਕਾਰਕੁੰਨਾ ਨੂੰ ਤੁਰੰਤ ਰਿਹਾਅ ਕਰਨ, ਜਥੇਬੰਦੀ ਦੇ ਸੰਘਰਸ਼ ਉੱਪਰ ਲਾਈ ਅਣਐਲਾਨੀ ਪਾਬੰਦੀ ਖਿਲਾਫ਼, ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਅਤੇ ਪੰਜਾਬ ਨੂੰ ਪੁਲੀਸ ਰਾਜ ਵੱਲ ਧੱਕਣ ਖਿਲਾਫ਼ ਮਜ਼ਦੂਰ, ਕਿਸਾਨ, ਮੁਲਾਜਮ, ਨੌਜਵਾਨ ਵਿਦਿਆਰਥੀ,ਔਰਤ , ਸਾਹਿਤਕ ਅਤੇ ਜਮਹੂਰੀ ਜੱਥੇਬੰਦੀਆਂ ਦੀ ਅਗਵਾਈ ਹੇਠ ਇੱਕਠੇ ਹੋਏ ਹਜਾਰਾਂ ਲੋਕਾਂ ਵੱਲੋਂ ਸੰਗਰੂਰ ਦੀ ਅਨਾਜ਼ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਗਈ ਅਤੇ ਪੁਲਿਸ ਦੀਆਂ ਲਾਈਆਂ ਪਾਬੰਦੀਆਂ ਨੂੰ ਤੋੜਦੇ ਹੋਏ ਬਰਨਾਲਾ ਕੈਂਚੀਆਂ ਤੱਕ ਰੋਸ ਮਾਰਚ ਕੀਤਾ ਗਿਆ।
ਅੱਜ ਦੀ ਇਸ ਜ਼ਬਰ ਵਿਰੋਧੀ ਰੈਲੀ ਦੀ ਸ਼ੁਰੂਆਤ ਬੀਤੀ ਰਾਤ ਵਿਛੋੜਾ ਦੇ ਗਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜਗਤਾਰ ਸਿੰਘ ਤੋਲੇਵਾਲ ਨੂੰ ਸਮੁੱਚੇ ਪੰਡਾਲ਼ ਵੱਲੋਂ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਸਕੱਤਰ ਗੁਰਵਿੰਦਰ ਬੌੜਾਂ,ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ,ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸੇਵੇਵਾਲਾ,ਪੇਂਡੂ ਮਜਦੂਰ ਯੂਨੀਅਨ ਦੇ ਤਰਸੇਮ ਪੀਟਰ,ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ,ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਵਿਕਰਮਦੇਵ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਦੇ ਰਾਹ ਪਈ ਹੋਈ ਹੈ। ਸੰਗਰੂਰ ਅੰਦਰ ਸੰਘਰਸ਼ ਕਰਦੇ ਸੈਂਕੜੇ ਮਜ਼ਦੂਰਾਂ ਨੂੰ ਜੇਲ੍ਹੀਂ ਡੱਕਿਆ ਗਿਆ ਜਿਨ੍ਹਾਂ ਵਿਚੋਂ ਦਰਜਨਾਂ ਆਗੂ ਅਤੇ ਕਾਰਕੁੰਨ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਪੰਜਾਬ ਸਰਕਾਰ ਕਾਰਪੋਰੇਟ ਅਤੇ ਜਗੀਰਦਾਰਾਂ ਦਾ ਏਜੰਡਾ ਲਾਗੂ ਕਰਨ ਲੱਗੀ ਹੋਈ ਹੈ। ਪੁਲਿਸ ਨੂੰ ਦਿੱਤੀ ਖੁੱਲ੍ਹ ਕਾਰਨ ਨਿੱਤ ਦਿਹਾੜੀ ਝੂਠੇ ਪੁਲਿਸ ਮੁਕਾਬਲੇ, ਹਿਰਾਸਤੀ ਕਤਲ਼ ਅਤੇ ਨਸ਼ੇ ਵਿਰੁੱਧ ਯੁੱਧ ਦੇ ਨਾਮ ਹੇਠ ਗਰੀਬਾਂ ਦੇ ਘਰਾਂ ਉੱਪਰ ਬੁਲਡੋਜ਼ਰ ਚਲਾਉਣਾ ਆਮ ਵਰਤਾਰਾ ਬਣ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਇਸ ਜ਼ਬਰ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ ਸਗੋਂ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਅੰਤ ਵਿੱਚ ਕਿਸਾਨ ਆਗੂ ਨਿਰਭੈ ਸਿੰਘ ਖਾਈ ਉੱਪਰ ਜਾਨਲੇਵਾ ਹਮਲਾ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ,ਪਿੰਡ ਜਾਹਲਾਂ ਦੇ ਕਿਸਾਨਾਂ ਦੀ ਜਬਰੀ ਜ਼ਮੀਨ ਜ਼ਬਤ ਕਰਨ ਖ਼ਿਲਾਫ ਅਤੇ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਨ ਦੇ ਵਿਸ਼ੇਸ਼ ਮਤੇ ਪਾਸ ਕੀਤੇ ਗਏ।
ਇਸ ਮੌਕੇ ਰੈਲੀ ਨੂੰ ਕਿਰਤੀ ਕਿਸਾਨ ਮੋਰਚੇ ਦੇ ਵੀਰ ਸਿੰਘ ਬੜਵਾ,ਪੰਜਾਬ ਸਟੂਡੈਂਟਸ ਯੂਨੀਅਨ ਦੇ ਰਣਵੀਰ ਸਿੰਘ ਕੁਰੜ,ਡੈਮੋਕ੍ਰੇਟਿਕ ਮੁਲਾਜ਼ਮ ਫ਼ਰੰਟ ਦੇ ਜਰਮਨਜੀਤ,ਨੌਜਵਾਨ ਭਾਰਤ ਸਭਾ ਦੇ ਮੰਗਾ ਅਜ਼ਾਦ,ਇਸਤਰੀ ਜਾਗ੍ਰਿਤੀ ਮੰਚ ਦੇ ਅਮਨ ਦਿਓਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵੀਰ ਸਿੰਘ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਗੋਬਿੰਦ ਸਿੰਘ ਛਾਜਲੀ,ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ ਨੰਦਗੜ੍ਹ,ਪੀ ਐਸ ਯੂ ਸ਼ਹੀਦ ਰੰਧਾਵਾ ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ,ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਲਜੀਤ ਸਿੰਘ ਨਮੋਲ,ਜਮਹੂਰੀ ਅਧਿਕਾਰ ਸਭਾ ਦੇ ਪਿਰਤਪਾਲ ਸਿੰਘ, ਆਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੇ ਕਨਵੀਨਰ ਬੂਟਾ ਸਿੰਘ ਮਹਿਮੂਦਪੁਰ,ਬੀਕੇਯੂ ਉਗਰਾਹਾਂ ਦੇ ਔਰਤ ਵਿੰਗ ਦੇ ਆਗੂ ਹਰਿੰਦਰ ਬਿੰਦੂ,ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਕਰਮ ਸਿੰਘ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਸਿੰਘ ਕੌਰਜੀਵਾਲਾ,ਡੀ ਟੀ ਐਫ਼ ਦੇ ਆਗੂ ਰੇਸ਼ਮ ਸਿੰਘ ਬਠਿੰਡਾ, ਖੇਤੀਬਾੜੀ ਕਿਸਾਨ ਵਿਕਾਸ ਫਰੰਟ ਦੇ ਮਹਿੰਦਰ ਸਿੰਘ ਭੱਠਲ,ਫਲਜੀਤ ਸਿੰਘ , ਹਾਕਮ ਸਿੰਘ ਧਨੇਠਾ ਆਦਿ ਆਗੂਆਂ ਨੇ ਸੰਬੋਧਨ ਕੀਤਾ।ਸਟੇਜ ਸਕੱਤਰ ਦੀ ਭੂਮਿਕਾ ਧਰਮਵੀਰ ਹਰੀਗੜ੍ਹ ਵੱਲੋਂ ਨਿਭਾਈ ਗਈ।












