ਸੁਪਰੀਮ ਕੋਰਟ ਵਲੋਂ ਇਸ ਸਬੰਧੀ ਜਾਰੀ ਹਿਦਾਇਤਾਂ ਨੂੰ ਅਮਲ ਵਿੱਚ ਲਿਆਉਣ ਦੀ ਮੰਗ
ਮਾਨਸਾ, 14 ਅਗਸਤ ,ਬੋਲੇ ਪੰਜਾਬ ਬਿਊਰੋ;
ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਵਲੋਂ ਅਪਣੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਸਬੰਧੀ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਸਮੇਤ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ।
ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਬੀਤੇ ਵਿੱਚ ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਸੂਬਾਈ ਸਰਕਾਰਾਂ ਨੇ ਇਸ ਅਹਿਮ ਮੁੱਦੇ ਬਾਰੇ ਕਦੇ ਮੂੰਹ ਨਹੀਂ ਖੋਲ੍ਹਿਆ। ਜਦੋਂ ਦੀ ਆਪ ਸਰਕਾਰ ਬਣੀ ਹੈ, ਉਦੋਂ ਤੋਂ ਹੀ ਲਿਬਰੇਸ਼ਨ ਸਮੇਤ ਬਹੁਤ ਸਾਰੀਆਂ ਜਮਹੂਰੀ ਤਾਕਤਾਂ ਅਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਦੀ ਮੰਗ ਕਰਦੀਆਂ ਆ ਰਹੀਆਂ ਹਨ। ਹੁਣ ਜਦੋਂ ਉਹੀ ਹਿਦਾਇਤਾਂ ਦੇਸ਼ ਦੀ ਸਰਬ ਉੱਚ ਅਦਾਲਤ ਵਲੋਂ ਕੀਤੀਆਂ ਜਾ ਚੁੱਕੀਆਂ ਹਨ, ਤਾਂ ਮਾਨ ਸਰਕਾਰ ਨੂੰ ਜਿਥੇ ਅਜਿਹੇ ਸਾਰੇ ਕੈਦੀਆਂ ਨੂੰ ਛੇਤੀ ਤੋਂ ਛੇਤੀ ਰਿਹਾਅ ਕਰ ਦੇਣਾ ਚਾਹੀਦਾ ਹੈ, ਉਥੇ ਦਿੱਲੀ ਤੇ ਹੋਰ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਲੋੜੀਂਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਨੇਪਰੇ ਚਾੜ੍ਹਨੀ ਚਾਹੀਦੀ ਹੈ।
ਲਿਬਰੇਸ਼ਨ ਆਗੂ ਨੇ ਕਿਹਾ ਕਿ ਸਾਨੂੰ ਸੁਚੇਤ ਹੋਣਾ ਚਾਹੀਦਾ ਹੈ ਕਿ ਘੱਟ ਗਿਣਤੀ ਸਿੱਖ ਭਾਈਚਾਰੇ ਵਿੱਚ ਅਪਣਾ ਅਸਰ ਰਸੂਖ ਵਧਾਉਣ ਲਈ ਬੰਦੀ ਸਿੰਘਾਂ ਦੀਆਂ ਰਿਹਾਈਆਂ ਦੇ ਇਸ ਮਾਮਲੇ ਨੂੰ ਵਰਤਣ ਲਈ ਬੀਜੇਪੀ ਪੂਰੀ ਤਰ੍ਹਾਂ ਤਿਆਰ ਬੈਠੀ ਹੈ। ਇਸ ਲਈ ਜੇਕਰ ਮਾਨ ਸਰਕਾਰ ਇਸ ਸੁਆਲ ‘ਤੇ ਕਿਸੇ ਵੀ ਕਿਸਮ ਦੀ ਢਿੱਲ ਮੱਠ ਜਾਂ ਟਾਲ ਮਟੋਲ ਕਰਦੀ ਹੈ, ਤਾਂ ਇਸ ਕੋਤਾਹੀ ਨੂੰ ਪੰਜਾਬ ਦੀ ਨਿਆਂ ਪਸੰਦ ਜਨਤਾ ਕਦਾਚਿੱਤ ਵੀ ਮਾਫ਼ ਨਹੀਂ ਕਰੇਗੀ। ਇਸ ਮੀਟਿੰਗ ਵਿੱਚ ਕਾਮਰੇਡ ਨਛੱਤਰ ਸਿੰਘ ਖੀਵਾ, ਜਸਬੀਰ ਕੌਰ ਨੱਤ, ਗੁਰਸੇਵਕ ਸਿੰਘ ਮਾਨ, ਸੁਖਦਰਸ਼ਨ ਸਿੰਘ ਨੱਤ, ਸੁਖਜੀਤ ਸਿੰਘ ਰਾਮਾਨੰਦੀ, ਅਮਨਦੀਪ, ਹਰਬੰਸ ਸਿੰਘ ਅਤੇ ਕੁਲਵੰਤ ਸਿੰਘ ਮਾਨਸ਼ਾਹੀਆ ਸਮੇਤ ਹੋਰ ਸਾਥੀ ਵੀ ਸ਼ਾਮਲ ਸਨ।












