ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

ਪੰਜਾਬ

ਕਿਹਾ, ਆਉਣ ਵਾਲਾ ਵਿਧਾਨ ਸਭਾ ਸੈਸ਼ਨ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਅੜਚਨਾਂ ਨੂੰ ਕਰੇਗਾ ਦਰੁੱਸਤ

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਮੁਹਿੰਮ ਨੂੰ ਵਿਸ਼ਵ ਪੱਧਰ ‘ਤੇ ਮਿਲ ਰਿਹਾ ਭਰਵਾਂ ਹੁੰਗਾਰਾ

ਮੋਹਾਲੀ, 19 ਸਤੰਬਰ ,ਬੋਲੇ ਪੰਜਾਬ ਬਿਊਰੋ:

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜਿਹੇ ਲੋਕਹਿੱਤ ਉਪਰਾਲੇ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਦੀ ਸ਼ਲਾਘਾ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਨ ਲਈ ਪਰਨੋਡ ਰਿਕਾਰਡ ਇੰਡੀਆ ਫਾਊਂਡੇਸ਼ਨ ਦੀ ਵੀ ਸ਼ਲਾਘਾ ਕੀਤੀ।

ਆਗਾਮੀ ਵਿਧਾਨ ਸਭਾ ਸੈਸ਼ਨ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਸੈਸ਼ਨ ਵਿੱਚ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸ਼ਨ ਉਸ ਵਚਨਬੱਧਤਾ ਨੂੰ ਦਰਸਾਏਗਾ।

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਫੰਡ ਉਨ੍ਹਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ੍ਹਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸਦਾ ਉਦੇਸ਼ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਦੀ ਮੋਹਾਲੀ ਇਕਾਈ ਹਰ ਸੰਭਵ ਤਰੀਕੇ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ‘ਆਪ’ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਵਿੰਦ ਮਿੱਤਲ, ਡਾਕਟਰ ਕੁਲਦੀਪ ਸਿੰਘ, ਚਰਨਜੀਤ ਕੌਰ, ਰਮਨਪ੍ਰੀਤ ਕੌਰ ਕੁੰਬੜਾ- ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਸੁਖਦੇਵ ਸਿੰਘ ਪਟਵਾਰੀ, ਅਕਵਿੰਦਰ ਸਿੰਘ ਸਿੰਘ ਗੋਸਲ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਅਮਿਤ ਜੈਨ, ਸਾਬਕਾ ਕੌਂਸਲਰ -ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ , ਸਤਵਿੰਦਰ ਸਿੰਘ ਮਿੱਠੂ ਮੌਲੀ ,ਰਵਿੰਦਰ ਸ਼ਰਮਾ, ਰਵਿੰਦਰ ਸਿੰਘ ਸਰਪੰਚ- ਮਾਣਕਪੁਰ ਕਲਰ, ਬਲਕਾਰ ਸਿੰਘ- ਸਰਪੰਚ ਸੁਖਗੜ੍ਹ, ਗੁਰਜੰਟ ਸਿੰਘ- ਸਰਪੰਚ ਭਾਗੋਮਾਜਰਾ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਇਸ ਮੌਕੇ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।