ਮੋਹਾਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਦੀ ਟੀਮ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਚੰਡੀਗੜ੍ਹ ਦਫ਼ਤਰ ‘ਤੇ ਰੇਡ ਕਰਕੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਸੀਬੀਆਈ ਨੇ ਉਨ੍ਹਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਲਈ ਗਈ ਰਿਸ਼ਵਤ ਦੀ ਰਕਮ ਬਾਰੇ ਅਧਿਕਾਰੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਆਕਰੀ ਹਨ।ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀਆਈਜੀ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।












