ਐਨਪੀਐਸ ਦੀ ਕਟੌਤੀ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦੀ ਮੰਗ
ਫਤਿਹਗੜ੍ਹ ਸਾਹਿਬ,3 ਨਵੰਵਰ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਮੋਰਚੇ ਦੇ ਕੋ ਕਨਵੀਨਰ ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਡਿੰਪਲ ਰੋਹੇਲਾ ਤੇ ਸੂਬਾ ਕਮੇਟੀ ਮੈਂਬਰਜ਼ ਸ਼ਾਮਿਲ ਹੋਏ।ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਤਰਨਤਰਨ ਵਿਖੇ ਹੋ ਰਹੀ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਤੋਂ ਪੈਨਸ਼ਨ ਲਾਗੂ ਨਾ ਕਰਨ ਦਾ ਸਵਾਲ ਪੁੱਛਿਆ ਜਾਵੇਗਾ। ਐਕਸ਼ਨ ਦੌਰਾਨ ਮੋਰਚੇ ਵੱਲੋਂ ਸਮੂਹਿਕ ਵਫਦ ਕਾਲੇ ਚੋਲੇ ਪਾ ਕੇ ਮਾਰਚ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਘਰ ਵੱਲ ਜਾਵੇਗਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਉਤੇ ਮੁਲਾਜ਼ਮਾਂ ਨਾਲ਼ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ ਪੀ ਐਸ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਹੈ। ਜਦਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵੱਲੋਂ ਨਵੀਂਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਇਸ ਸਮੇਂ ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਤੋਂ 1972 ਦੇ ਪੈਂਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਤਿੱਖੇ ਸੰਗਰਸ਼ ਦਾ ਐਲਾਨ ਕੀਤਾ ਜਾਵੇਗਾ।












