ਤਰਨਤਾਰਨ 06 ਨਵੰਬਰ,ਬੋਲੇ ਪੰਜਾਬ ਬਿਊਰੋ;
ਜ਼ਿਕਰਯੋਗ ਹੈ ਕਿ ਆਪ ਸਰਕਾਰ ਦੇ ਐਮ.ਐਲ.ਏ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਦੇ ਸਾਹਮਣੇ ਸ਼ਾਂਤਮਈ ਢੰਗ ਨਾਲ ਧਰਨਾ ਲਗਾਈ ਬੈਠੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਨੂੰ ਪਿਛਲੇ ਦਿਨੀਂ ਸਥਾਨਕ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਜ਼ਬਰੀ ਪੁੱਟ ਦਿੱਤਾ ਗਿਆ ਅਤੇ ਕੁਝ ਸਮੇਂ ਲਈ ਉੱਥੇ ਮੌਜੂਦ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਗਾਂਧੀ ਪਾਰਕ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਸੀ। ਇਨਾਂ ਹੀ ਨਹੀਂ ਸਗੋਂ ਜਦੋਂ ਅਧਿਆਪਕਾਂ ਵੱਲੋਂ ਇਸ ਦੇ ਵਿਰੋਧ ਵਜੋਂ ਸਰਕਾਰ ਦੀ ਅਰਥੀ ਫੂਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਘੰਟੇ ਇਹਨਾਂ ਅਧਿਆਪਕਾਂ ਦੇ ਨਾਲ ਖਿੱਚ ਧੂਹ, ਧੱਕਾ ਮੁੱਕੀ ਅਤੇ ਲਾਠੀ ਚਾਰਜ ਕੀਤਾ ਗਿਆ। ਸਰਕਾਰ ਵੱਲੋਂ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਬਹੁਤ ਹੀ ਵੱਡੀ ਗਿਣਤੀ ਵਿੱਚ ਫੌਜ ਦੇ ਜਵਾਨ ਅਤੇ ਪੁਲਿਸ ਪ੍ਰਸ਼ਾਸਨ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੇ ਲਈ ਲਗਾਏ ਗਏ। ਇਦਾਂ ਲੱਗ ਰਿਹਾ ਸੀ ਜਿਵੇਂ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਨਾ ਹੋ ਕੇ ਅੱਤਵਾਦੀ ਹੋਣ। ਅਜਿਹਾ ਸ਼ਰਮਨਾਕ ਕਾਰਾ ਕਰਕੇ ਪੰਜਾਬ ਸਰਕਾਰ ਨੇ ਲੋਕ ਵਿਰੋਧੀ ਹੋਣ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।
ਜਿਸਦਾ ਸਮੂਹ ਅਧਿਆਪਕ ਵਰਗ ਵੱਲੋਂ ਪੁਰਜ਼ੋਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀ ਹਰ ਜਗ੍ਹਾ ਕਿਰਕਰੀ ਹੋ ਰਹੀ ਹੈ।ਵਿਰੋਧੀਆਂ ਵੱਲੋਂ ਵੀ ਸਰਕਾਰ ਨੂੰ ਇਸ ਮੁੱਦੇ ਤੇ ਘੇਰਿਆ ਜਾ ਰਿਹਾ ਹੈ।
ਅਜ ਜਦੋਂ ਕਿ ਅਸੀਂ ਇੱਕ ਵੈਲਫੇਅਰ ਸਟੇਟ ਵਿੱਚ ਰਹਿ ਰਹੇ ਹਾਂ। ਆਜ਼ਾਦ ਦੇਸ਼ ਦੇ ਵਾਸੀ ਹਾਂ ਅਤੇ ਕਾਨੂੰਨ ਵੀ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦੇ ਲਈ ਧਰਨੇ ਮੁਜਾਹਰੇ ਕਰਨ ਦੀ ਇਜਾਜ਼ਤ ਦਿੰਦਾ ਹੈ ਤਾਂ ਫਿਰ ਇਹ ਸ਼ਰਮਨਾਕ ਕਾਰਾ ਕਰਕੇ ਪੰਜਾਬ ਸਰਕਾਰ ਨੇ ਲੋਕ ਵਿਰੋਧੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ।
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਕਾਰਵਾਈ ਦੇ ਵਿਰੋਧ ਵਜੋਂ ਅਤੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਹੱਕਾਂ ਤੋਂ ਵਾਂਝਾ ਰੱਖਣ ਦੇ ਵਿਰੋਧ ਵਜੋਂ 8 ਨਵੰਬਰ ਦਿਨ ਸ਼ਨੀਵਾਰ ਨੂੰ ਤਰਨਤਾਰਨ ਦੇ ਸਾਰੇ ਪਿੰਡਾਂ/ ਕਸਬਿਆਂ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਵੱਡੇ ਜਨਸਮੂਹ ਦੇ ਰੂਪ ਵਿੱਚ ਝੰਡਾ ਮਾਰਚ ਰੋਸ਼ ਰੈਲੀ ਕੀਤੀ ਜਾਵੇਗੀ ਅਤੇ ਇਸ ਸਰਕਾਰ ਦੀ ਗਲਤ ਅਤੇ ਲੋਕ ਮਾਰੂ ਨੀਤੀਆਂ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ ਤਾਂ ਜੋ ਜਿਮਨੀ ਚੋਣ ਵਿੱਚ ਪੂਰੇ ਤਰਨਤਾਰਨ ਜਿਲੇ ਦੇ ਲੋਕਾਂ ਨੂੰ ਸਰਕਾਰ ਦਾ ਅਸਲੀ ਚਿਹਰਾ ਵਿਖਾਇਆ ਜਾ ਸਕੇ।
ਜਿਸਦੀ ਪੂਰਨ ਜੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।












