ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨੈਸ਼ਨਲ

ਨਵੀਂ ਦਿੱਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਤਿੰਨ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਆਰੰਭ ਹੋਇਆ। ਨਗਰ ਕੀਰਤਨ ਵਿਚ ਬੇਹੱਦ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਸ਼ੋਭਿਤ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਅਜਮੇਰੀ ਗੇਟ, ਪਹਾੜਗੰਜ, ਨਵੀਂ ਦਿੱਲੀ ਰੇਲਵੇ ਸਟੇਸ਼ਨ, ਕਨਾਟ ਪਲੇਸ, ਬਾਬਾ ਖੜਗ ਸਿੰਘ ਮਾਰਗ ਤੋਂ ਹੁੰਦੇ ਹੋਏ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।
ਨਗਰ ਕੀਰਤਨ ਵਿਚ ਦਲ ਪੰਥ ਜਥੇਬੰਦੀਆਂ, ਨਿਹੰਗ ਸਿੰਘਾਂ ਦੇ ਜੱਥੇ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀ ਜੱਥਿਆਂ ਨੇ ਸ਼ਮੂਲੀਅਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਬਹੁਤ ਹੀ ਵੱਡਾ ਇਤਿਹਾਸਕ ਦਿਹਾੜਾ ਹੈ ਤੇ ਅਸੀਂ ਸਾਰੇ ਵਡਭਾਗੀ ਹਾਂ ਜੋ ਸਾਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਇਸ ਦਿਹਾੜੇ ਨੂੰ ਲੈ ਕੇ ਸੰਗਤਾਂ ਵਿਚ ਬੇਹੱਦ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਭਰਪੂਰ ਰਹੀ। ਸੰਗਤਾਂ ਨੇ ਵੱਡੀ ਗਿਣਤੀ ਵਿਚ ਜਿਥੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ, ਉਥੇ ਹੀ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਵਾਸਤੇ ਸਾਰੇ ਰਸਤੇ ਵਿਚ ਚਾਹ, ਪਕੌੜਿਆਂ ਸਮੇਤ ਵੱਖ-ਵੱਖ ਚੀਜ਼ਾਂ ਦੇ ਲੰਗਰ ਲਗਾਏ ਗਏ ਸਨ। ਇਸ ਦੌਰਾਨ ਲਾਲ ਕਿਲ੍ਹੇ ’ਤੇ ਚਲ ਰਹੇ ਤਿੰਨ ਰੋਜ਼ਾ ਸਮਾਗਮਾਂ ਦੇ ਅਖੀਰਲੇ ਦਿਨ ਅੱਜ ਇਕ ਲੱਖ ਤੋਂ ਵੱਧ ਸਹਿਜ ਪਾਠਾਂ ਦੀ ਸੰਪੂਰਨਤਾ ਸਮੂਹਿਕ ਤੌਰ ’ਤੇ ਕੀਤੀ ਗਈ। ਸੰਗਤਾਂ ਵੱਲੋਂ ਇਹ ਸਹਿਜ ਪਾਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਰੱਖੇ ਗਏ ਸਨ। ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਸਮੇਤ ਕਮੇਟੀ ਦੀ ਟੀਮ ਨੇ ਸਹਿਜ ਪਾਠਾਂ ਦੀ ਸੰਪੂਰਨਤਾ ਵਿਚ ਆਪ ਸ਼ਮੂਲੀਅਤ ਕੀਤੀ। ਇਸ ਮੌਕੇ ਹੋਏ ਸਮਾਗਮ ਵਿਚ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਐਡੀਸ਼ਨਲ ਹੈਡ ਗ੍ਰੰਥੀ ਗੁਰਦਿਆਲ ਸਿੰਘ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਢਿੱਲੀ ਕਮੇਟੀ ਪ੍ਰਬੰਧਕਾ ਵਲੋ ਸਿੰਘ ਸਾਹਿਬ ਜੀ ਦਾ ਸਨਮਾਨ ਵੀ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।