ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ: ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਪੰਜਾਬ

12 ਦਸੰਬਰ 2025, ਪਟਿਆਲਾ ,ਬੋਲੇ ਪੰਜਾਬ ਬਿਊਰੋ;

ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸ. ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਵੱਲੋਂ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਨੂੰ ਅਹਿਮ ਗਤੀ ਦਿੱਤੀ ਗਈ। ਇਸ ਦੌਰਾਨ ਬੱਠਲੀ, ਭੇਡਵਾਲ, ਮੰਡਵਾਲ, ਖਾਨਪੁਰ ਭੋਗਲਾ, ਖਾਡੋਲੀ, ਸਰਾਲਾ, ਖੋਖਰ, ਡਾਰੀਆ, ਖਾਨਪੁਰ ਵਡਿੰਗ, ਅਰੋਰ, ਸਾਹਲ, ਬਡੋਲੀ ਗੁੱਜਰਾਂ ਤੇ ਪੰਡਤਾ ਖੇੜੀ ਆਦਿ ਪਿੰਡਾਂ ਵਿੱਚ ਸਥਾਨਕ ਨਿਵਾਸੀਆਂ ਨਾਲ ਮੀਟਿੰਗਾਂ ਕਰਕੇ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਸ. ਝਿੰਜਰ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ, ਜੋ ਕਿ ਪਾਰਟੀ ਦੀ ਲੋਕਪ੍ਰਿਯਤਾ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ।

ਉਹਨਾਂ ਨੇ ਦੱਸਿਆ ਕਿ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ ਅਤੇ ਇਸ ਮੌਕੇ ’ਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ 14 ਦਸੰਬਰ ਨੂੰ ਆਪਣਾ ਕੀਮਤੀ ਵੋਟ ਅਧਿਕਾਰ ਜ਼ਰੂਰ ਵਰਤਣ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਕਾਮਯਾਬ ਬਣਾਓ, ਤਾਂ ਜੋ ਖੇਤਰ ਦਾ ਵਿਕਾਸ ਤੇ ਭਲਾਈ ਦਾ ਕੰਮ ਹੋਰ ਤੇਜ਼ੀ ਨਾਲ ਹੋ ਸਕੇ।

ਸ. ਝਿੰਜਰ ਅਤੇ ਜਥੇਦਾਰ ਲਾਛੜੂ ਜੀ ਨੇ ਕਿਹਾ ਕਿ ਹੁਣ ਦਾ ਸਮਾਂ ਲੋਕਾਂ ਨਾਲ ਸਿੱਧੀ ਜੁੜਤ ਬਣਾਉਣ ਦਾ ਹੈ ਅਤੇ ਹਰ ਪਿੰਡ ਵਿੱਚ ਲੋਕ ਜੋ ਮੁੱਦੇ ਸਾਂਝੇ ਕਰ ਰਹੇ ਹਨ, ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਪ੍ਰਾਥਮਿਕਤਾ ਅਨੁਸਾਰ ਹੱਲ ਕੀਤਾ ਜਾਵੇਗਾ। ਉਹਨਾਂ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਖੇਤਰ ਦੇ ਹਰੇਕ ਨਾਗਰਿਕ ਦੇ ਹੱਕਾਂ ਅਤੇ ਸੁੱਖ-ਸੁਵਿਧਾਵਾਂ ਲਈ ਵਚਨਬੱਧ ਹੈ ਅਤੇ ਚੋਣਾਂ ਤੋਂ ਬਾਅਦ ਵੀ ਲੋਕਾਂ ਦੇ ਦਰਵਾਜ਼ੇ ’ਤੇ ਨਿਰੰਤਰ ਹਾਜ਼ਿਰ ਰਹੇਗੀ।

ਝਿੰਜਰ ਨੇ ਭਗਵੰਤ ਮਾਨ ਉੱਤੇ ਸਖਤ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਹਲਕਾ ਘਨੌਰ ਵਿੱਚ ਚੋਣਾਂ ਲਈ ਨਸ਼ੇ ਦੇ ਸੌਦਾਗਰਾਂ ਦੇ ਪਰਿਵਾਰਾਂ ਵਿੱਚੋਂ ਉਮੀਦਵਾਰ ਖੜੇ ਕੀਤੇ ਗਏ ਹਨ। ਇਹ ਉਹ ਉਮੀਦਵਾਰ ਹਨ ਜਿਨ੍ਹਾਂ ਦੇ ਖਿਲਾਫ ਐਨਡੀਪੀਐਸ (ਨਸ਼ਿਆਂ ਨਾਲ ਸੰਬੰਧਿਤ ਦੋਸ਼) ਦੇ ਮਾਮਲੇ ਦਰਜ ਹਨ ਅਤੇ ਜੋ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਝਿੰਜਰ ਨੇ ਦਲੀਲ ਦਿਤੀ ਕਿ ਇਸ ਤਰ੍ਹਾਂ ਦੇ ਉਮੀਦਵਾਰਾਂ ਨੂੰ ਚੋਣੀ ਮੈਦਾਨ ‘ਚ ਲਿਆਉਣਾ ਲੋਕਾਂ ਦੀ ਭਰੋਸੇਮੰਦੀ ਅਤੇ ਇਲਾਕੇ ਦੀ ਸੁਰੱਖਿਆ ਲਈ ਖਤਰੇ ਦੀ ਘੰਟੀ ਹੈ।

ਇਸ ਦੌਰਾਨ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦੋਵਾਂ ਆਗੂਆਂ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਨਿੱਤ ਵਾਪਰ ਰਹੀਆਂ ਘਟਨਾਵਾਂ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਗੋਲੀਆਂ ਚੱਲ ਰਹੀਆਂ ਨੇ, ਕਤਲ ਤੇ ਚੋਰੀ ਦੀਆਂ ਵਾਰਦਾਤਾਂ ਵੱਧ ਗਈਆਂ ਹਨ। ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਵਿੱਚ ਫ਼ੇਲ੍ਹ ਹੋ ਚੁੱਕੀ ਹੈ। ਇਨ੍ਹਾਂ ਦੇ ਆਪਣੇ ਆਗੂਆਂ ਦੇ ਘਰਾਂ ਉੱਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਜਦੋਂ ਇਨ੍ਹਾਂ ਦੇ ਆਪਣੇ ਆਗੂ ਤੇ ਵਰਕਰ ਹੀ ਸੁਰੱਖਿਅਤ ਨਹੀਂ ਤਾਂ ਇਹ ਲੋਕਾਂ ਦੀ ਸੁਰੱਖਿਆ ਕਿਵੇਂ ਕਰਨਗੇ?

ਝਿੰਜਰ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਦ੍ਰਿਸ਼ਟੀਕੋਣ ਨੂੰ ਸਮਝ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਲੋਕ ਇਸ ਨੂੰ ਮੂੰਹ-ਤੋੜ ਜਵਾਬ ਦੇਣਗੇ। ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।