ਖਨੌਰੀ, 22 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜ ਸਾਲ ਪਹਿਲਾਂ ਕੈਨੇਡਾ ਗਏ ਪਿੰਡ ਮੌਲਵੀਵਾਲਾ (ਸਬ-ਡਿਵੀਜ਼ਨ ਪਾਤੜਾਂ) ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਇਸ ਦੁੱਖਦਾਈ ਘਟਨਾ ਨਾਲ ਪਿੰਡ ਸਮੇਤ ਇਲਾਕੇ ’ਚ ਗਹਿਰਾ ਸੋਗ ਛਾ ਗਿਆ ਹੈ।
ਮ੍ਰਿਤਕ ਕਰਨਵੀਰ ਸਿੰਘ ਸੰਧੂ, ਜੋ ਅਮਰ ਸਿੰਘ ਦਾ ਪੁੱਤਰ ਸੀ, ਕੈਨੇਡਾ ਦੇ ਸਰੀ ਸ਼ਹਿਰ ਵਿੱਚ ਟਰਾਲਾ ਚਲਾਉਂਦਾ ਸੀ। ਜਾਣਕਾਰੀ ਅਨੁਸਾਰ ਕਰੀਬ ਇਕ ਮਹੀਨਾ ਪਹਿਲਾਂ ਉਸ ਦਾ ਟਰਾਲਾ ਹਾਦਸੇ ਦਾ ਸ਼ਿਕਾਰ ਹੋਇਆ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤਣਾਅ ਵਿੱਚ ਰਹਿਣ ਲੱਗ ਪਿਆ।
ਪਰਿਵਾਰ ਨੇ ਦੱਸਿਆ ਕਿ 20 ਦਸੰਬਰ ਨੂੰ ਕਰਨਵੀਰ ਸਿੰਘ ਘਰ ਵਿੱਚ ਸੁੱਤਾ ਹੋਇਆ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇ, ਤਾਂ ਜੋ ਅੰਤਿਮ ਸਸਕਾਰ ਪਿੰਡ ਵਿੱਚ ਕੀਤਾ ਜਾ ਸਕੇ।












