ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਨੈਸ਼ਨਲ

ਨਵੀਂ ਦਿੱਲੀ, 23 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):

ਸਰਬੰਸਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਵੱਖ-ਵੱਖ ਰਾਗੀ ਸਿੰਘਾਂ ਦੇ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਾਕੇ ਸਾਡੀ ਨਵੀਂ ਪੀੜੀ ਨੂੰ ਸੁਣਾਉਣ ਨਾਲ ਸਿੱਖ ਕੌਮ ਹੋਰ ਮਜ਼ਬੂਤ ਹੋਵੇਗੀ। ਉਹਨਾਂ ਕਿਹਾ ਕਿ ਸਾਹਿਬਜ਼ਾਦੇ ਸਾਡੀ ਨਵੀਂ ਪੀੜੀ ਵਾਸਤੇ ਰੋਲ ਮਾਡਲ ਹਨ। ਨਿਊਜ਼ੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਿੱਖੀ ਦੇ ਧੁਰੇ ਪੰਜਾਬ ਵਿਚ ਇਸਾਈ ਧਰਮ ਦੇ ਆਗੂ ਵੱਡੀ ਪੱਧਰ ’ਤੇ ਲਾਲਚ ਦੇ ਕੇ ਗਰੀਬ ਸਿੱਖਾਂ ਦਾ ਧਰਮ ਪਰਿਵਰਤਰਨ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਇਹਨਾਂ ਨੂੰ ਗੁਰੂ ਕੀਆਂ ਲਾਡੀਆਂ ਫੌਜਾਂ ਨਿਹੰਗ ਸਿੰਘਾਂ ਨੇ ਰੋਕਣ ਦਾ ਯਤਨ ਕੀਤਾ ਤਾਂ ਉਸਦੇ ਨਤੀਜੇ ਵਜੋਂ ਹੀ ਨਿਊਜ਼ੀਲੈਂਡ ਦੀ ਘਟਨਾ ਵਾਪਰੀ ਹੈ। ਉਹਨਾਂ ਕਿਹਾ ਕਿ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਕਿ ਸਿੱਖੀ ਦੀ ਸੰਭਾਲ ਲਈ ਪੰਜਾਬ ਵਿਚ ਜਿਹਨਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ, ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ, ਇਸੇ ਕਾਰਨ ਅਜਿਹਾ ਕੁਝ ਵਾਪਰ ਰਿਹਾ ਹੈ।
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 550 ਸਾਲਾ ਸ਼ਹੀਦੀ ਦਿਹਾੜੇ ਦੀ ਗੱਲ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਲਾਲ ਕਿਲ੍ਹੇ ’ਤੇ ਤਿੰਨ ਦਿਨ ਚੱਲੇ ਵਿਸ਼ਾਲ ਸਮਾਗਮਾਂ ਵਿਚ ਲੱਖਾਂ ਲੋਕ ਨਤਮਸਤਕ ਹੋਏ ਜਿਹਨਾਂ ਦੇ ਨਾਲ ਵੱਡੀ ਗਿਣਤੀ ਵਿਚ ਬੱਚੇ ਵੀ ਸ਼ਾਮਲ ਹੋਏ। ਉਹਨਾਂ ਕਿਹਾ ਕਿ ਜਦੋਂ ਇਸ ਪੱਧਰ ’ਤੇ ਸਮਾਗਮ ਹੁੰਦੇ ਹਨ ਤਾਂ ਬੱਚਿਆਂ ਨੂੰ ਸਿੱਖ ਧਰਮ ਬਾਰੇ ਜਾਨਣ ਅਤੇ ਸਿੱਖਣ ਦਾ ਮੌਕਾ ਮਿਲਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖੀ ਇਤਿਹਾਸ ਤੋਂ ਜਾਣੂ ਕਰਵਾਈਏ ਤਾਂ ਹੀ ਸਿੱਖੀ ਮਜ਼ਬੂਤ ਹੋਵੇਗੀ। ਇਸ ਮੌਕੇ ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਦੇ ਖੇਤਰ ਵਾਸਤੇ ਦਸਵੰਧ ਜ਼ਰੂਰ ਕੱਢਣ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਪੜ੍ਹਾਉਣ ਵਿਚ ਸਫਲ ਹੋ ਗਏ ਤਾਂ ਸਾਡੇ ਸਾਰੇ ਯਤਨ ਸਫਲ ਹੋ ਜਾਣਗੇ। ਉਹਨਾਂ ਕਿਹਾ ਕਿ ਕੌਮ ਦਾ ਸਰਮਾਇਆ ਬੇਸ਼ਕੀਮਤੀ ਹੈ ਤੇ ਜੇਕਰ ਇਸਦੀ ਸਦਵਰਤੋਂ ਸਿੱਖਿਆ ਦੇ ਲੰਗਰ ਵਾਸਤੇ ਹੋਵੇ ਤਾਂ ਇਸਦੇ ਬਹੁਤ ਚੰਗੇ ਤੇ ਚਿਰਕਾਲੀ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 25 ਦਸੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ, 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ’ਤੇ ਹੋਣ ਵਾਲੇ ਸਮਾਗਮ ਅਤੇ 27 ਦਸੰਬਰ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।