ਪਟਿਆਲਾ 27 ਦਸੰਬਰ,ਬੋਲੇ ਪੰਜਾਬ ਬਿਊਰੋ;
ਜਨਤਕ ਜੱਥੇਬੰਦੀਆਂ ਸੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਵਲੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਭਲਕੇ ਮਿਤੀ 28 ਦਸੰਬਰ ਨੂੰ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਪਟਿਆਲਾ ਤੋਂ ਜੇਪੀਐਮਓ ਦੇ ਆਗੂ ਦਰਸ਼ਨ ਸਿੰਘ ਬੇਲੂਮਾਜਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਭਰ ਦੇ ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਵਰਗ ਵਿਰੋਧੀ ਨੀਤੀਆਂ ਨੂੰ ਬੜੀ ਤੇਜ਼ੀ ਨਾਲ ਲਾਗੂ ਕਰਕੇ ਕਾਰਪੋਰੇਟਾਂ ਨੂੰ ਬੇਲੋੜੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸਦੇ ਵਿਰੁੱਧ ਦੇਸ਼ ਭਰ ਅੰਦਰ ਸੰਘਰਸ਼ ਹੋ ਰਹੇ ਹਨ ਅਤੇ ਪੰਜਾਬ ਅੰਦਰ ਵੀ ਜੇ.ਪੀ.ਐਮ.ਓ. ਵਲੋਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਲਈ ਇਹ ਕਨਵੈਨਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕੇ। ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਵਿੱਚੋਂ ਮੁਲਾਜ਼ਮ ਵੱਡੀ ਗਣਤੀ ਵਿੱਚ ਪਹੁੰਚ ਰਹੇ ਹਨ ਅਤੇ ਜ਼ਿਲਆਂ ਅੰਦਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੇਸੀ-ਵਿਦੇਸ਼ੀ ਕਾਰਪੋਰੇਟ ਲੋਟੂਆਂ ਦੇ ਹਿੱਤ ਪੂਰਦੀਆਂ ਨਿੱਜੀਕਰਣ ਦੀਆਂ ਨੀਤੀਆਂ ਤੋਂ ਮੁਕਤੀ ਲਈ, ਮਨਰੇਗਾ ਕਾਨੂੰਨ ਦੀ ਇੰਨ-ਬਿਨ ਬਹਾਲੀ ਲਈ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ, ਕਿਰਤੀ ਮਾਰੂ 4 ਕਿਰਤ ਕੋਡ ਰੱਦ ਕਰਵਾਉਣ ਲਈ, ਬਿਜਲੀ ਸੋਧ ਬੱਲ 2025 ਤੇ ਸੀਡ ਬਿੱਲ ਪੱਕੇ ਤੌਰ ਤੇ ਰੱਦ ਕਰਵਾਉਣ ਲਈ, ਬੰਦ ਕੀਤੇ ਭੱਤੇ ਬਹਾਲ ਕਰਵਾਉਣ, ਨਵੀ ਸਿੱਖਿਆ ਨੀਤੀ ਰੱਦ ਕਰਵਾਉਣ ਲਈ ਇਹ ਕਨਵੈਨਸ਼ਨ ਬਹੁਤ ਹੀ ਮਹੱਤਵ ਰੱਖਦੀ ਹੈ ਅਤੇ ਉਹਨਾਂ ਨੇ ਸਮੂਹ ਮੁਲਾਜ਼ਮ ਵਰਗ ਨੂੰ ਮਿਤੀ 28 ਦਸੰਬਰ ਨੂੰ ਵਹੀਰਾਂ ਘੱਤ ਕੇ ਰੇਲਵੇ ਸਟੇਸ਼ਨ ਜਲੰਧਰ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।












