ਸ੍ਰੀ ਮੁਕਤਸਰ ਸਾਹਿਬ, 14 ਜਨਵਰੀ ,ਬੋਲੇ ਪੰਜਾਬ ਬਿਊਰੋ;
ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ ‘ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ “ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਦਾ ਸਨਮਾਨ ਕੀਤਾ ਹੈ ਅਤੇ ਹੁਣ ਅਸੀਂ ਸੂਬੇ ਦੀ ਹਰੇਕ ਔਰਤ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਸ਼ੁਰੂ ਕਰਾਂਗੇ। ਆਉਣ ਵਾਲੇ ਬਜਟ ਵਿੱਚ ਲੋੜੀਂਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ। ਇਹ ਸਰਕਾਰ ਸਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।’’
ਇਸ ਪਵਿੱਤਰ ਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਸਿੱਖ ਯੋਧਿਆਂ ਦੀ ਮਹਾਨ ਕੁਰਬਾਨੀ ਦੀ ਗਵਾਹ ਹੈ ਅਤੇ ਸਮੁੱਚੀ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕ ਇੱਥੇ ਸੂਬੇ ਭਰ ਤੋਂ ਇਕੱਠੇ ਹੋਏ ਹਨ ਅਤੇ ਇਸ ਇਕੱਠ ਦਾ ਹਿੱਸਾ ਬਣ ਕੇ ਖ਼ੁਦ ਨੂੰ ਸੁਭਾਗਾ ਮੰਨ ਰਹੇ ਹਨ। ਇਹ ਪਵਿੱਤਰ ਧਰਤੀ ਅਤੇ ਇੱਥੇ ਹੋਈਆਂ ਕੁਰਬਾਨੀਆਂ ਦੁਨੀਆ ਭਰ ਦੇ ਹਰ ਸਿੱਖ ਦੇ ਦਿਲ ਵਿੱਚ ਵਸਦੀਆਂ ਹਨ ਅਤੇ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀਆਂ ਹਨ।”
ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ (ਬਾਦਲ) ਦਾਅਵਾ ਕਰਦੇ ਹਨ ਕਿ ਸਾਰਾ ਵਿਕਾਸ ਉਨ੍ਹਾਂ ਦੇ ਰਾਜ ਦੌਰਾਨ ਹੋਇਆ, ਪਰ ਉਨ੍ਹਾਂ ਨੇ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਨ ਨਾਲ ਆਮ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਇਹ ਇੱਕ ਨਾ-ਮੁਆਫ਼ੀਯੋਗ ਗੁਨਾਹ ਹੈ। ਉਨ੍ਹਾਂ ਕਿਹਾ, “ਉਹ ਸਿੱਖ ਪੰਥ ਅਤੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨਾਲ ਮਿਲੇ ਹੋਏ ਹਨ।” ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਬੰਗਾ ਨੇੜੇ ਇੱਕ ਧਾਰਮਿਕ ਸਥਾਨ ਤੋਂ 169 ਸਰੂਪ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ 139 ਦਾ ਕੋਈ ਸਰਕਾਰੀ ਰਿਕਾਰਡ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਇਹ ਕੋਈ ਪ੍ਰਾਪਤੀ ਨਹੀਂ ਸਗੋਂ ਸਾਡਾ ਫ਼ਰਜ਼ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਸਰੂਪਾਂ ਦੀ ਛਪਾਈ ਕਰਵਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਸੰਸਥਾਵਾਂ ਅਕਾਲੀਆਂ ਕਾਰਨ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ, “ਇਹ ਆਗੂ ਅਜਿਹੇ ਗੁਨਾਹਾਂ ਲਈ ਮੁਆਫ਼ੀ ਦੇ ਹੱਕਦਾਰ ਨਹੀਂ ਹਨ।”












