ਚੰਡੀਗੜ੍ਹ, 3 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਬਿਕਰਮ ਸਿੰਘ ਮਜੀਠੀਆ ਅੱਜ (3 ਫਰਵਰੀ) ਸਵੇਰੇ 10:30 ਵਜੇ ਜੇਲ੍ਹ ‘ਚੋਂ ਬਾਹਰ ਆਉਣਗੇ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਸੋਮਵਾਰ ਸ਼ਾਮ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਪੋਸਟ ਪਾਈ।
ਮਜੀਠੀਆ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਵਿੱਚ ਉਤਸ਼ਾਹ ਹੈ। ਸਮਰਥਕਾਂ ਦੇ ਪਟਿਆਲਾ ਦੀ ਨਾਭਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਸੰਭਾਵਨਾ ਹੈ। ਜਦੋਂ ਮਜੀਠੀਆ ਜੇਲ੍ਹ ਤੋਂ ਬਾਹਰ ਆਉਣਗੇ ਤਾਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਲਈ ਜੇਲ੍ਹ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਮਜੀਠੀਆ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਲਗਭਗ ਸੱਤ ਮਹੀਨਿਆਂ ਤੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ।












