ਚੰਡੀਗੜ੍ਹ, 3 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਸਿੱਖ ਗਰੁੱਪ ਨੇ ਦੁਨੀਆ ਭਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ ਕੀਤੀ ਹੈ। ਚੋਟੀ ਦੀਆਂ 10 ਸ਼ਖਸੀਅਤਾਂ ਵਿੱਚੋਂ ਅੱਠ ਧਾਰਮਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ। ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਪਹਿਲੇ ਸਥਾਨ ‘ਤੇ ਹਨ, ਉਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ। ਕੇਂਦਰੀ ਮੰਤਰੀ ਹਰਦੀਪ ਪੁਰੀ, ਕੈਨੇਡੀਅਨ ਮੰਤਰੀ ਮਨਿੰਦਰ ਸਿੰਘ ਸਿੱਧੂ, ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਅਤੇ ਗਾਇਕ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ ਅਤੇ ਗੁਰਪ੍ਰੀਤ ਸਿੰਘ ਘੁੱਗੀ ਨੇ ਵੀ ਸੂਚੀ ਵਿੱਚ ਜਗ੍ਹਾ ਬਣਾਈ ਹੈ। ਸੰਗਠਨ ਦੇ ਪ੍ਰਧਾਨ ਡਾ. ਨਵਦੀਪ ਬਾਂਸਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉਦੇਸ਼ ਸੰਸਾਰ ਵਿੱਚ ਸਿੱਖ ਧਰਮ ਨੂੰ ਪਹਿਚਾਣ ਦਿਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਚੀ ਵਿੱਚ 50 ਪ੍ਰਤੀਸ਼ਤ ਸ਼ਖਸੀਅਤਾਂ ਭਾਰਤ ਤੋਂ ਹਨ। ਇਹ ਨੌਜਵਾਨ ਪੀੜ੍ਹੀ ਨੂੰ ਸਿੱਖਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰਦਾ ਹੈ।












