ਪਿੰਡਾਂ ਦੇ ਮਹਿਲਾ ਸਵੈ ਸਹਾਇਤਾ ਸਮੂਹਾਂ ਅਤੇ ਉਨ੍ਹਾਂ ਦੇ ਉਤਪਾਦਾਂ ਦੀ ਵਿੱਕਰੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਦੀ ਪਹਿਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ ,ਬੋਲੇ ਪੰਜਾਬ ਬਿਊਰੋ:
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਬੀਤੀ ਸ਼ਾਮ ਮੋਹਾਲੀ ਕਾਰਨੀਵਾਲ ਦਾ ਦੌਰਾ ਕੀਤਾ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਨੂੰ ਛੋਟੀਆਂ ਮਹਿਲਾ ਉਦਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਮਹੱਤਵਪੂਰਨ ਮੰਚ ਕਰਾਰ ਦਿੱਤਾ, ਖਾਸ ਕਰਕੇ ਪਿੰਡਾਂ ਨਾਲ ਸੰਬੰਧਿਤ ਮਹਿਲਾ ਸਵੈ ਸਹਾਇਤਾ ਸਮੂਹਾਂ ਲਈ। ਇਸ ਦੌਰਾਨ ਉਨ੍ਹਾਂ ਨੇ ਦਰਸ਼ਕਾਂ ਦੇ ਨਾਲ ਸੰਗੀਤਮਈ ਸ਼ਾਮ ਦਾ ਆਨੰਦ ਵੀ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੇਲਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸਦਾ ਉਦੇਸ਼ ਪਿੰਡਾਂ ਦੇ ਮਹਿਲਾ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਨੂੰ ਬਾਜ਼ਾਰ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਜ਼ਮੀਨੀ ਪੱਧਰ ‘ਤੇ ਉਦਮਤਾ ਨੂੰ ਹੋਰ ਉਤਸ਼ਾਹ ਮਿਲੇ।

ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਕਾਰਨੀਵਾਲ ਦੇ ਮਾਹੌਲ ਨੂੰ ਹੋਰ ਸ਼ਾਨਦਾਰ ਬਣਾ ਦਿੱਤਾ। ਆਉਣ ਵਾਲੀ ਪੰਜਾਬੀ ਫ਼ਿਲਮ ਬੰਬੂਕਾਟ 2 ਦੀ ਸਟਾਰ ਕਾਸਟ ਵੀ ਪ੍ਰਮੋਸ਼ਨ ਲਈ ਕਾਰਨੀਵਾਲ ਵਿੱਚ ਪਹੁੰਚੀ ਅਤੇ ਲੋਕਾਂ ਨਾਲ ਰਾਬਤਾ ਕੀਤਾ।
ਏ.ਡੀ.ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ ਅਤੇ ਡੀ.ਐਸ.ਪੀ. ਅਜੀਤ ਪਾਲ ਸਿੰਘ ਵੀ ਇਸ ਮੌਕੇ ਮੌਜੂਦ ਰਹੇ।
ਟ੍ਰਾਈਸਿਟੀ ਤੋਂ ਆਏ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਕਾਰਨੀਵਾਲ ਦਾ ਰੁਖ ਕੀਤਾ ਅਤੇ ਫੂਡ ਕੋਰਟਾਂ ਤੇ ਸ਼ਾਪਿੰਗ ਸਟਾਲਾਂ ਦਾ ਆਨੰਦ ਲੈਣ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਅਤੇ ਸੰਗੀਤਮਈ ਸ਼ਾਮਾਂ ਵਿੱਚ ਭਾਗ ਲਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ,
“ਮੋਹਾਲੀ ਕਾਰਨੀਵਾਲ–ਪੰਜਾਬ ਸਖੀ ਸ਼ਕਤੀ ਮੇਲਾ ਇੱਕ ਸ਼ਾਨਦਾਰ ਪਹਿਲ ਹੈ, ਜੋ ਨਾ ਸਿਰਫ਼ ਲੋਕਾਂ ਨੂੰ ਮਨੋਰੰਜਨ ਪ੍ਰਦਾਨ ਕਰਦਾ ਹੈ, ਸਗੋਂ ਛੋਟੀਆਂ ਮਹਿਲਾ ਉਦਮੀਆਂ, ਖਾਸ ਕਰਕੇ ਪਿੰਡਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਆਪਣੇ ਉਤਪਾਦ ਪ੍ਰਦਰਸ਼ਿਤ ਕਰਨ ਅਤੇ ਵੇਚਣ ਲਈ ਮੌਕਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੰਚ ਸਥਾਨਕ ਉਦਮਤਾ ਨੂੰ ਮਜ਼ਬੂਤ ਕਰਦੇ ਹਨ, ਸਵੈ ਰੋਜ਼ਗਾਰ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਂਦੇ ਹਨ। ਟ੍ਰਾਈਸਿਟੀ ਦੇ ਲੋਕਾਂ ਦੀ ਉਤਸ਼ਾਹਪੂਰਣ ਭਾਗੀਦਾਰੀ ਇਨ੍ਹਾਂ ਯਤਨਾਂ ਦੀ ਕਾਮਯਾਬੀ ਅਤੇ ਖੇਤਰ ਦੀ ਸੱਭਿਆਚਾਰਕ ਰੂਹ ਨੂੰ ਦਰਸਾਉਂਦੀ ਹੈ।”












