ਪਟਿਆਲਾ 11 ਫਰਵਰੀ ,ਬੋਲੇ ਪੰਜਾਬ ਬਿਊਰੋ;
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਤੋਂ ਗਿਆਰ੍ਹਵੀਂ ਜਮਾਤ ਦੇ ਪ੍ਰਗਤੀਸ਼ੀਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਜੈਪੁਰ ਲਈ ਰਵਾਨਾ ਕੀਤਾ ਗਿਆ। ਇਹ ਟੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ. ਪਟਿਆਲਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਇਹ ਵਿੱਦਿਅਕ ਟੂਰ ਵਿਦਿਆਰਥੀਆਂ ਨੂੰ ਬੋਰਡ ਦੀਆਂ ਜਮਾਤਾਂ ਵਿੱਚ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਹੈ। ਟੂਰ ਦੌਰਾਨ ਵਿਦਿਆਰਥੀਆਂ ਨੂੰ ਜੈਪੁਰ ਦੀਆਂ ਪ੍ਰਸਿੱਧ ਵਿਰਾਸਤੀ ਥਾਵਾਂ, ਇਤਿਹਾਸਕ ਮਹੱਤਤਾ ਅਤੇ ਭੂਗੋਲਿਕ ਧਰਾਤਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

ਇਸ ਵਿੱਦਿਅਕ ਟੂਰ ਵਿੱਚ ਪ੍ਰਿੰਸੀਪਲ ਬਲਬੀਰ ਸਿੰਘ, ਹਰਪ੍ਰੀਤ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸੈਦਖੇੜੀ, ਸ਼ੈਲੀ ਸ਼ਰਮਾ ਹੈੱਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਖੇੜੀ ਮੁਸਲਮਾਨੀਆ, ਰਾਜਿੰਦਰ ਸਿੰਘ ਚਾਨੀ ਸ.ਸ. ਮਾਸਟਰ ਕਮ ਮੀਡੀਆ ਕੋਆਰਡੀਨੇਟਰ ਰਾਜਪੁਰਾ ਟਾਊਨ, ਅਮਨਦੀਪ ਕੌਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਕੂਲ ਆਫ ਐਮੀਨੈਂਸ ਮਰਦਾਂਪੁਰ, ਅਮੀਤਾ ਚੁੱਘ ਲੈਕਚਰਾਰ ਬਾਇਓਲੋਜੀ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਗਾਇਤਰੀ ਗੁਪਤਾ ਲੈਕਚਰਾਰ ਕੇਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸ਼ੋ ਵਿਦਿਆਰਥੀਆਂ ਦੀ ਅਗਵਾਈ ਲਈ ਨਾਲ ਗਏ ਹਨ।
ਵਿੱਦਿਅਕ ਟੂਰ ਲਈ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲ ਪਟਿਆਲਾ ਤੋਂ ਬੱਸ ਰਾਹੀਂ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੰਧਿਤ ਵਿਦਿਆਰਥੀਆਂ ਦੇ ਮਾਪੇ ਅਤੇ ਜਮਾਤ ਇੰਚਾਰਜ ਵੀ ਮੌਜੂਦ ਸਨ, ਜਿਨ੍ਹਾਂ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ।












